ਕਾਊਂਟਰ ਇੰਟੈਲੀਜੈਂਸ ਵੱਲੋਂ ਨਾਬਾਲਗ ਸਮੇਤ ਚਾਰ ਕਾਬੂ; 36 ਕਿਲੋ ਹੈਰੋਇਨ ਬਰਾਮਦ
ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੁਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਅਤੇ ਕਮਲਪਾਲ ਸਿੰਘ (ਦੋਵੇਂ ਵਾਸੀ ਰਾਜਾਸਾਂਸੀ, ਅੰਮ੍ਰਿਤਸਰ) ਵਜੋਂ ਹੋਈ ਹੈ, ਜਿਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਪਰਮਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਤਿੰਨ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ੇ ਦੀ ਸਪਲਾਈ ਵਿੱਚ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਕਤ ਹੈਂਡਲਰ ਲੋਪੋਕੇ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ, ਜਿਨ੍ਹਾਂ ਨੂੰ ਉਹ ਅੱਗੇ ਆਪਣੇ ਕਾਰਕੁਨਾਂ ਰਾਹੀਂ ਹੋਰ ਧਿਰਾਂ ਨੂੰ ਸਪਲਾਈ ਕਰਦਾ ਸੀ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ ਆਈ ਅੰਮ੍ਰਿਤਸਰ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਵਿਦੇਸ਼ ਬੈਠੇ ਹੈਂਡਲਰ ਦੇ ਚਾਰ ਸਾਥੀਆਂ ਨੇ ਲੋਪੋਕੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੰਮ੍ਰਿਤਸਰ-ਲੋਪੋਕੇ ਰੋਡ 'ਤੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਹੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ ਹਾਈਵੇਅ ਪੁਲ ਨੇੜੇ ਸਾਹਿਲ ਸਿੰਘ, ਪਰਮਜੀਤ ਸਿੰਘ, ਕਮਲਪਾਲ ਸਿੰਘ ਅਤੇ ਉਨ੍ਹਾਂ ਦੇ ਚੌਥੇ ਨਾਬਾਲਗ ਸਾਥੀ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ।
ਡੀ ਜੀ ਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦਾ ਖ਼ਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ), ਅੰਮ੍ਰਿਤਸਰ ਵਿਖੇ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।