ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

By  Amritpal Singh November 28th 2023 05:08 PM

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਘੰਟੇ ਦੇ ਕਰੀਬ ਸੁਖਾਵੇਂ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ’ਤੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ਵਿਚ ਧਰਮ ਪ੍ਰਤੀ ਦ੍ਰਿੜ੍ਹਤਾ ਵਿਖਾਈ ਅਤੇ ਉਹ ਚੜ੍ਹਦੀ ਕਲਾ ਵਿਚ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 2012 ਵਿਚ ਭਾਰਤ ਦੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤਾਂ ਵਿਚ ਕਾਨੂੰਨੀ ਚਾਰਾਜੋਈ ਰਾਹੀਂ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਗਿਆ, ਪ੍ਰੰਤੂ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੇ ਮਸਲੇ ’ਤੇ ਕੋਈ ਜਲਦ ਫੈਸਲਾ ਨਾ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਹਨ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਦੇ ਮਾਮਲੇ ’ਤੇ ਸੰਜੀਦਗੀ ਨਾਲ ਵਿਚਾਰ ਕਰਕੇ ਯੋਗ ਹੱਲ ਲੱਭੇਗੀ। ਇਸ ਸਬੰਧ ਵਿਚ ਜਲਦ ਹੀ ਅੰਤ੍ਰਿੰਗ ਕਮੇਟੀ ਦੀ  ਬੈਠਕ ਬੁਲਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲਗਾਤਾਰ ਆਪਣੀ ਅਵਾਜ਼ ਬੁਲੰਦ ਕਰਦੀ ਆ ਰਹੀ ਹੈ ਅਤੇ ਇਸ ਸਬੰਧ ਵਿਚ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਸੀ ਤਾਂ ਕਿ ਭਵਿੱਖ ਵਿਚ ਕੋਈ ਠੋਸ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਤੇ ਬੀਬੀ ਹਰਦੀਪ ਕੌਰ ਖੋਖ, ਮੈਨੇਜਰ ਕਰਨੈਲ ਸਿੰਘ ਵਿਰਕ, ਬਲਤੇਜ ਸਿੰਘ ਖੋਖ ਆਦਿ ਮੌਜੂਦ ਸਨ।

Related Post