ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਮੰਗਦਾ ਸੀ ਫ਼ਿਰੌਤੀ, ਗ੍ਰਿਫ਼ਤਾਰ

By  Jasmeet Singh January 17th 2023 05:02 PM

ਐਸ.ਏ.ਐਸ.ਨਗਰ, 17 ਜਨਵਰੀ: ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਡਾ: ਸੰਦੀਪ ਗਰਗ ਨੇ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸੀ ਕਿ ਐਸਪੀ (ਆਰ) ਐਸਏਐਸ ਨਗਰ ਨਵਰੀਤ ਸਿੰਘ ਵਿਰਕ ਦੀ ਅਗਵਾਈ ਹੇਠ ਜ਼ੀਰਕਪੁਰ ਸਬ ਡਵੀਜ਼ਨ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਐਸਐਚਓ ਥਾਣਾ ਜ਼ੀਰਕਪੁਰ ਦੀਪਇੰਦਰ ਸਿੰਘ ਅਤੇ ਬਲਟਾਨਾ ਤੋਂ ਐਸਆਈ ਜਸ਼ਨਪ੍ਰੀਤ ਸਿੰਘ ਨੇ ਮਨੁੱਖੀ ਅਤੇ ਤਕਨੀਕੀ ਇਨਪੁਟ 'ਤੇ ਕੰਮ ਕਰਦੇ ਹੋਏ ਡੇਰਾਬੱਸੀ ਦੇ ਰਹਿਣ ਵਾਲੇ ਵਿਅਕਤੀ ਕਰਨ ਕੁਮਾਰ ਪੁੱਤਰ ਅਨਿਲ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਦਾ ਸੀ। ਐਸਐਸਪੀ ਐਸਏਐਸ ਨਗਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਕਰਨ ਕੁਮਾਰ ਨੇ ਮੁਕੇਸ਼ ਕੁਮਾਰ ਅਗਰਵਾਲ ਪੁੱਤਰ ਰਘੁਨੰਦਨ ਲਾਲ ਅਗਰਵਾਲ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਸਨ। ਉਸਨੇ 20 ਲੱਖ ਰੁਪਏ ਦੀ ਜਬਰੀ ਵਸੂਲੀ ਕਰਨ ਦੀ ਮੰਗ ਕੀਤੀ ਸੀ। ਮੁੱਢਲੀ ਪੁੱਛਗਿੱਛ ਦੌਰਾਨ ਕਰਨ ਕੁਮਾਰ ਨੇ ਆਪਣਾ ਜੁਰਮ ਕਬੂਲ ਕਰਦਿਆਂ ਖੁਲਾਸਾ ਕੀਤਾ ਕਿ ਉਹ ਚਾਰ ਮਹੀਨੇ ਪਹਿਲਾਂ ਸ਼ਿਕਾਇਤਕਰਤਾ ਨੂੰ ਮਿਲਿਆ ਸੀ ਅਤੇ ਉਸ ਦਾ ਮੋਬਾਈਲ ਨੰਬਰ ਇੱਕ ਵਪਾਰਕ ਸੌਦੇ ਤਹਿਤ ਲਿਆ ਸੀ ਅਤੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਦੱਸ ਕੇ ਉਸ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾਈ ਸੀ। ਇਸ ਗਰੋਹ ਵਿੱਚ ਸ਼ਾਮਲ ਹੋਰ ਮੈਂਬਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Post