ਮਾਨ ਸਰਕਾਰ ਨੇ ਹੁਕਮਾਂ ਦੇ ਬਾਵਜੂਦ ਮੁਅੱਤਲ IG ਉਮਰਾਨੰਗਲ ਨੂੰ ਨਹੀਂ ਕਰਵਾਇਆ ਜੁਆਇਨ, HC ਨੇ ਜਾਰੀ ਕੀਤਾ ਨੋਟਿਸ

By  KRISHAN KUMAR SHARMA March 21st 2024 02:06 PM -- Updated: March 21st 2024 02:18 PM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਮਾਮਲੇ 'ਚ ਨੋਟਿਸ ਜਾਰੀ ਹੋਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ ਹੈ, ਕਿਉਂਕਿ ਉਮਰਾਨੰਗਲ ਨੂੰ ਪੰਜਾਬ ਸਰਕਾਰ (CM Mann) ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਜੁਆਇਨ ਨਹੀਂ ਕਰਵਾਇਆ ਹੈ।

ਮੁਅੱਤਲ ਆਈਜੀ ਉਮਰਾਨੰਗਲ (paramraj-singh-umranangal) ਨੇ ਪੰਜਾਬ ਸਰਕਾਰ (Punjab government) ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਹਾਈਕੋਰਟ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ਅਤੇ ਹੋਰਨਾਂ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰਦਿਆਂ ਪੁੱਛਿਆ ਹੈ ਕਿ ਹੁਣ ਤੱਕ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ?

ਦੱਸ ਦਈਏ ਕਿ 2 ਫਰਵਰੀ ਨੂੰ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ।

ਪਰਮਰਾਜ ਉਮਰਾਨੰਗਲ ਖ਼ਿਲਾਫ਼ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਕੋਟਕਪੂਰਾ ਗੋਲੀਬਾਰੀ, ਦੂਜੀ ਬਹਿਬਲ ਕਲਾਂ ਗੋਲੀਬਾਰੀ ਅਤੇ ਤੀਜੀ ਐਨਡੀਪੀਐਸ ਐਕਟ ਤਹਿਤ ਦਰਜ ਕੀਤੀ ਗਈ ਸੀ। ਇਨ੍ਹਾਂ ਵਿੱਚ ਉਹ ਪਹਿਲਾਂ ਹੀ ਐਨਡੀਪੀਐਸ ਕੇਸ ਵਿੱਚ ਬਰੀ ਹੋ ਚੁੱਕੇ ਹਨ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਸਰਕਾਰ ਨੇ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਸੀ। ਉਮਰਾਨੰਗਲ ਨੇ ਆਪਣੀ ਮੁਅੱਤਲੀ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਹੁਣ ਉਮਰਾਨੰਗਲ ਨੇ ਕਿਹਾ ਹੈ ਕਿ ਸਰਕਾਰ ਨੇ ਅਜੇ ਤੱਕ ਹਾਈਕੋਰਟ ਦੇ ਡਿਵੀਜ਼ਨ ਬੈਂਚ ਦੇ ਇਸ ਹੁਕਮ ਨੂੰ ਲਾਗੂ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਮੁੜ ਨੌਕਰੀ ਵਿੱਚ ਲਿਆ ਹੈ। ਇਹ ਹਾਈਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ, ਜਿਸ 'ਤੇ ਅੱਜ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Related Post