ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ
ਅੰਮ੍ਰਿਤਸਰ: ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਉੱਘੇ ਕਾਰੋਬਾਰੀ ਡਾ. ਐਸ.ਪੀ.ਸਿੰਘ ਉਬਰਾਏ ਦੀ ਬਦੌਲਤ ਬੁੱਧਵਾਰ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਦੀ ਉਮੀਦ ਪੱਕੀ ਹੋ ਗਈ ਹੈ।
ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫੜੇ ਗਏ ਸਨ। ਇਨ੍ਹਾਂ ਨੌਜਵਾਨਾਂ ਵਿੱਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸੰਬੰਧਿਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਿਲ ਹਨ।
ਡਾ. ਉਬਰਾਏ ਨੇ 2 ਸਾਲ ਤੱਕ ਕੀਤੀ ਮਾਮਲੇ ਦੀ ਪੈਰਵਾਈ
ਗੁਰਦਾਸਪੁਰ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ. ਐਸ.ਪੀ.ਐਸ ਉਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। 2 ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਨ੍ਹਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਕਤਲ ਹੋਏ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾ. ਉਬਰਾਏ ਉਨ੍ਹਾਂ ਨੂੰ ਬਲੱਡ ਮਨੀ (BLood Money) ਲੈਣ ਲਈ ਸਹਿਮਤ ਕਰਨ ਵਿੱਚ ਕਾਮਯਾਬ ਹੋਏ।
ਬਲੱਡ ਮਨੀ ਵੱਜੋਂ ਪੀੜਤ ਪਰਿਵਾਰ ਨੂੰ ਸੌਂਪੇ 46 ਲੱਖ ਰੁਪਏ
ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿੱਚ ਜੱਜ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਭਰਾ ਨੂੰ ਡਾਕਟਰ ਉਬਰਾਏ ਨੇ ਬਲੱਡ ਮਨੀ ਦੇ ਤੌਰ 'ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ 'ਤੇ ਸੌਂਪੇ ਅਤੇ ਇਸ ਰਕਮ ਨੂੰ ਜੱਜ ਦੇ ਹੁਕਮਾਂ ਮੁਤਾਬਕ 5 ਹਿੱਸਿਆਂ ਵਿੱਚ ਵੰਡ ਕੇ ਮ੍ਰਿਤਕ ਦੇ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਵਾਸਤੇ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਿਲ ਕੀਤੀ।
22 ਜਨਵਰੀ ਨੂੰ ਨੌਜਵਾਨਾਂ ਦੀ ਰਿਹਾਈ ਦੀ ਪੂਰੀ ਸੰਭਾਵਾਨਾ
ਡਾ. ਉਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਹੁਣ ਅੰਤਿਮ ਫੈਸਲਾ ਦੇਣ ਲਈ ਅਗਲੀ ਸੁਣਵਾਈ 22 ਜਨਵਰੀ 2024 ਨਿਸ਼ਚਤ ਕੀਤੀ ਹੈ ਅਤੇ ਉਸ ਦਿਨ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਦੀ ਵੀ ਪੂਰੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸ਼ਰੀਆ ਕਾਨੂੰਨ ਮੁਤਾਬਿਕ ਜੇਕਰ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋਣ ਉਪਰੰਤ ਅਦਾਲਤ ਵਿੱਚ ਬਲੱਡ ਮਨੀ ਜਮਾਂ ਕਰਵਾਉਣ ਦੀ ਆਗਿਆ ਮਿਲ ਜਾਵੇ ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਫਾਂਸੀ ਮਾਫ਼ ਹੋਣੀ ਤੈਅ ਹੈ।
ਸ਼ਾਰਜਾਹ ਅਦਾਲਤ ਵਿੱਚ ਬਲੱਡ ਮਨੀ ਲੈ ਕੇ ਦੋਸ਼ੀ ਚਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਆਫ ਕਰਨ ਦੇ ਹੋਏ ਸਮਝੌਤੇ ਤੋਂ ਬਾਅਦ ਦੋਸ਼ੀ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਦੇ ਪਰਿਵਾਰਾਂ ਨੇ ਵੀ ਡਾ. ਉਬਰਾਏ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸਾਲ 2010 ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਉਬਰਾਏ ਦੇ ਯਤਨਾਂ ਕਾਰਨ 129 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ।