ਦਿੱਲੀ CM ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ, ਦਿੱਲੀ ਸ਼ਰਾਬ ਘੁਟਾਲਾ ਮਾਮਲੇ ਚ ED ਦੀ ਵੱਡੀ ਕਾਰਵਾਈ

CM Kejriwal Arrested by ED: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਕਾਰਵਾਈ ਕਾਰਨ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਦਿੱਲੀ ਹਾਈਕੋਰਟ ਨੇ ਵੀਰਵਾਰ ਮਾਮਲੇ ਦੀ ਸੁਣਵਾਈ ਦੌਰਾਨ ਸੀਐਮ ਕੇਜਰੀਵਾਲ ਨੂੰ ਰਾਹਤ ਨਾ ਦਿੰਦੇ ਹੋਏ ਗ੍ਰਿਫਤਾਰੀ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਿਆ ਹੈ, ਜਿਸ ਤੋਂ ਬਾਅਦ ਪੁੱਛਗਿੱਛ ਉਪਰੰਤ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਈਡੀ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ।
ਈਡੀ ਵੱਲੋਂ ਕੇਜਰੀਵਾਲ ਦੀ ਇਹ ਗ੍ਰਿਫ਼ਤਾਰੀ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ED ਵੱਲੋਂ ਲਗਾਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਨਵੰਬਰ 2023 ਤੋਂ 21 ਮਾਰਚ 2024 ਤੱਕ 9 ਵਾਰ ਸੰਮਨ ਵੀ ਭੇਜੇ ਗਏ ਸਨ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਗ਼ੈਰ-ਕਾਨੂੰਨੀ ਦੱਸਿਆ ਜਾਂਦਾ ਰਿਹਾ ਹੈ।
ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਈਡੀ ਨੇ ਖੁਲਾਸਾ ਕੀਤਾ ਹੈ ਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਸੀ। ਮੁੱਖ ਮੰਤਰੀ ਨੂੰ ਪਹਿਲਾਂ ਹਸਪਤਾਲ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਮੈਡੀਕਲ ਕੀਤਾ ਜਾਵੇਗਾ। ਹੁਣ ਕੱਲ੍ਹ ਸੀਐਮ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਖ਼ਬਰ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਸੀਐਮ ਹਾਊਸ ਦੇ ਬਾਹਰ ਧਾਰਾ 144 ਵੀ ਲਗਾਈ ਹੋਈ ਹੈ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਰੈਪਿਡ ਐਕਸ਼ਨ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਪੁਲਿਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮੌਕੇ ਤੋਂ ਬੱਸ ਵਿੱਚ ਬਿਠਾ ਕੇ ਲੈ ਜਾ ਰਹੀ ਹੈ।