ਫਰੀਦਕੋਟ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ

By  Jasmeet Singh December 5th 2022 11:56 AM

ਚੰਡੀਗੜ੍ਹ, 5 ਦਸੰਬਰ: ਫਰੀਦਕੋਟ ਬੇਅਦਬੀ ਦੇ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ 'ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਰਾਮ ਰਹੀਮ ਦੇ ਵਕੀਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਨੂੰ ਲੋੜੀਂਦੇ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਇਹ ਕੇਸ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਹੈ। ਜਿਸ ਤੋਂ ਬਾਅਦ ਹੁਣ ਹਾਈਕੋਰਟ ਨੇ ਨਿਰਦੇਸ਼ ਜਾਰੀ ਕਰ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਰਾਮ ਰਹੀਮ ਨੂੰ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਨਾਲ ਹੀ ਇਹ ਦਸਤਾਵੇਜ਼ ਪੈਨ ਡਰਾਈਵ 'ਚ ਪਾ ਕੇ ਰਾਮ ਰਹੀਮ ਦੇ ਵਕੀਲ ਨੂੰ ਵੀ ਦਿੱਤੇ ਜਾਣ।

ਰਾਮ ਰਹੀਮ ਨੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ

ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਪਿਛਲੀ ਸੁਣਵਾਈ 'ਤੇ ਪੰਜਾਬ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਜਵਾਬ ਦਾਖਲ ਕਰਦੇ ਹੋਏ ਦੱਸਿਆ ਸੀ ਕਿ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਆਦੇਸ਼ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਸੀ। 

ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ 'ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਤਰ੍ਹਾਂ ਹੁਣ ਦੁਬਾਰਾ ਇਸ ਮੰਗ ਸਬੰਧੀ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਜ ਕਰਨ ਲਈ ਹਾਈਕੋਰਟ ਨੂੰ ਅਪੀਲ ਕੀਤੀ ਸੀ।

- ਰਿਪੋਰਟਰ ਨੇਹਾ ਸ਼ਰਮਾ ਦੇ ਸਹਿਯੋਗ ਨਾਲ 

Related Post