ਫਰੀਦਕੋਟ 'ਚ ਕਿਸਾਨ-ਪ੍ਰਸ਼ਾਸਨ ਦੀ ਮੀਟਿੰਗ ਰਹੀਂ ਬੇਸਿੱਟਾ

By  Pardeep Singh November 24th 2022 04:21 PM -- Updated: November 24th 2022 05:22 PM

ਫਰੀਦਕੋਟ:  ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਹੈ।  ਫਰੀਦਕੋਟ ਦੇ ਨੈਸ਼ਨਲ ਹਾਈਵੇਅ ਸਥਿਤ ਟਹਿਣਾ ਟੀ ਪੁਆਇੰਟ ਉੱਤੇ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਬੈਠੇ ਕਿਸਾਨਾਂ ਨਾਲ ਪ੍ਰਸ਼ਾਸਨ ਨੇ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਹਰਦਿੱਤ ਸੇਖੋਂ ਨੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ ਕਿਸਾਨਾਂ ਨਾਲ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 6ਵਾਂ ਦਿਨ ਹੈ।

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਦੇ ਮੀਟਿੰਗ ਲਈ ਆਉਣ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ, ਫਰੀਦਕੋਟ ਦੇ ਐਸਐਸਪੀ ਰਾਜਪਾਲ ਸਿੰਘ ਸੰਧੂ ਅਤੇ ਡੀਸੀ ਡਾਕਟਰ ਰੂਹੀ ਦੁੱਗਲ ਵੀ ਉਨ੍ਹਾਂ ਨੂੰ ਮਨਾਉਣ ਲਈ ਪੁੱਜੇ ਸਨ। 

ਕਿਸਾਨ ਆਗੂਆਂ ਨੇ  ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ ਕਿਉਂਕਿ ਪਿਛਲੇ ਦਿਨੀਂ ਸੀਐਮ ਮਾਨ ਨੇ ਕਿਹਾ ਸੀ ਕਿ ਕੁਝ ਕਿਸਾਨ ਜਥੇਬੰਦੀਆਂ ਫੰਡ ਇਕੱਠਾ ਕਰਨ ਲਈ ਧਰਨੇ 'ਤੇ ਬੈਠ ਜਾਂਦੀਆਂ ਹਨ। ਮੁੱਖ ਮੰਤਰੀ ਦੀ ਇਸ ਗੱਲ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ।

ਪਟਿਆਲਾ-ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ਦੇ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨ ਵੀ ਧਰਨੇ ’ਤੇ ਬੈਠੇ ਹਨ। ਇਸ ਕਾਰਨ ਦੁਪਹਿਰ ਤੱਕ ਲੰਮਾ ਜਾਮ ਲੱਗਾ ਰਿਹਾ ਪਰ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਦੇਖਦੇ ਹੋਏ ਕਿਸਾਨਾਂ ਨੇ ਦੁਪਹਿਰ 2 ਵਜੇ ਦੇ ਕਰੀਬ ਟੋਲ ਪਲਾਜਾ  ਖੋਲ੍ਹ ਦਿੱਤਾ। ਕਿਸਾਨਾਂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹੀ ਰਸਤਾ ਖੋਲ੍ਹਿਆ ਗਿਆ ਹੈ ਪਰ ਜਦੋਂ ਤੱਕ ਮੰਗਾਂ ਲਾਗੂ ਨਹੀਂ ਹੁੰਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ।

22 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਫਰੀਦਕੋਟ, ਅੰਮ੍ਰਿਤਸਰ ਅਤੇ ਮੁਕੇਰੀਆਂ ਵਿੱਚ ਵੀ ਅਣਮਿੱਥੇ ਸਮੇਂ ਲਈ ਧਰਨੇ ਦਿੱਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿੰਡ ਧਰੇੜੀ ਜੱਟਾਂ ਸਥਿਤ ਟੋਲ ਪਲਾਜ਼ਾ ’ਤੇ ਦਿੱਤੇ ਧਰਨੇ ਕਾਰਨ ਰਾਜਪੁਰਾ-ਚੰਡੀਗੜ੍ਹ ਮੁੱਖ ਮਾਰਗ ਨੂੰ ਮੁਕੰਮਲ ਤੌਰ ’ਤੇ ਬੰਦ ਕਰਨਾ ਪਿਆ।


Related Post