Son Murdered Father : ਹਲਕਾ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਾ ਪੁੱਤ ਵੱਲੋਂ ਕਤਲ ,ਜ਼ਮੀਨੀ ਵਿਵਾਦ ਨੂੰ ਲੈ ਕੇ ਹੋਇਆ ਝਗੜਾ

Talwandi Sabo News : 2022 ’ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ

By  Shanker Badra May 12th 2025 10:27 AM -- Updated: May 12th 2025 03:34 PM

 Talwandi Sabo News : 2022 'ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਜ਼ਮੀਨੀ ਵਿਵਾਦ ਦੇ ਚਲਦਿਆਂ ਪੁੱਤਰ ਵੱਲੋਂ ਦੋ ਸਾਥੀਆਂ ਨਾਲ ਮਿਲ ਕੇ ਕਥਿਤ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਈ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ 'ਤੇ ਮ੍ਰਿਤਕ ਦੇ ਪੁੱਤਰ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸ ਦੇ ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ।ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ’ਤੇ ਪੁੱਤਰ ਅਮਨਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਮੁਤਾਬਿਕ ਕਿਸਾਨ ਆਗੂ ਦਵਿੰਦਰ ਸਿੰਘ ਦਾ ਆਪਣੇ ਪੁੱਤਰ ਨਾਲ ਪਿਛਲੇ ਲੰਮੇ ਸਮੇਂ ਤੋਂ ਜਮੀਨੀ ਵਿਵਾਦ ਚੱਲ ਰਿਹਾ ਸੀ ,ਜਿਸ ਨੂੰ ਲੈ ਕੇ ਦੋਵੇਂ ਧਿਰਾਂ ਵੱਲੋਂ ਕਈ ਵਾਰ ਪੰਚਾਇਤਾਂ ਵੀ ਸੱਦੀਆਂ ਗਈਆਂ ਅਤੇ ਪੁਲਿਸ ਕੋਲ ਵੀ ਸ਼ਿਕਾਇਤ ਕੀਤੀ ਗਈ ਪਰ ਮਾਮਲਾ ਹੱਲ ਨਹੀਂ ਹੋ ਸਕਿਆ ,ਜਿਸ ਦੇ ਚਲਦਿਆਂ ਬੀਤੇ ਦਿਨ ਕਿਸਾਨ ਆਗੂ ਦੇ ਪੁੱਤਰ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਆਪਣੇ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

ਜਿਸ ਦੌਰਾਨ ਕਿਸਾਨ ਆਗੂ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਜ਼ਖਮੀ ਕਿਸਾਨ ਆਗੂ ਦੀ ਪਤਨੀ ਦੇ ਬਿਆਨ 'ਤੇ ਉਸਦੇ ਪੁੱਤਰ ਅਤੇ ਦੋ ਹੋਰ ਸਾਥੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਪਰ ਜਖਮਾਂ ਦੀ ਤਾਪ ਨਾ ਸਹਾਰਦੇ ਹੋਏ ਉਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। 

ਜਿਸ ਤੋਂ ਬਾਅਦ ਪੁਲਿਸ ਨੇ ਹੁਣ ਮਾਮਲੇ ਵਿੱਚ ਵਾਧਾ ਕਰਦੇ ਹੋਏ ਮ੍ਰਿਤਕ ਦੇ ਪੁੱਤਰ ਅਤੇ ਦੋ ਸਾਥੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ। ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਕਥਿਤ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Related Post