ਵਿੱਤ ਵਿਭਾਗ ਵੱਲੋਂ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ 4 ਮੁਅੱਤਲ

By  Pardeep Singh December 5th 2022 05:48 PM

ਚੰਡੀਗੜ੍ਹ: ਪੰਜਾਬ ਦੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ ਮਾਮਲੇ ਵਿੱਚ ਤਿੰਨ ਅਧਿਕਾਰੀ/ਕਰਮਚਾਰੀ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਦੇ ਖਜ਼ਾਨਾ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਸਬੰਧੀ ਮਿਲੀਆਂ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ ਕਰਨ ਲਈ 2 ਜੂਨ, 2022 ਨੂੰ ਵਿਭਾਗੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਇਕ ਸੁਪਰਡੈਂਟ, ਇਕ ਸੀਨੀਅਰ ਸਹਾਇਕ ਅਤੇ ਇਕ ਜੂਨੀਅਰ ਸਹਾਇਕ ਪਹਿਲਾਂ ਹੀ ਮੁਅੱਤਲ ਹਨ, ਜਦਕਿ ਇਕ ਸੀਨੀਅਰ ਸਹਾਇਕ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਵਿੱਤੀ ਲੈਣ-ਦੇਣ ਲਈ ਰਾਜ ਪੱਧਰੀ ਅਤੇ ਖੇਤਰੀ ਖਜ਼ਾਨਾ ਦਫਤਰਾਂ ਦੇ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕੀਤੇ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਸੌਂਪੀ ਰਿਪੋਰਟ ਅਨੁਸਾਰ ਕੁੱਲ 86,44,022 ਰੁਪਏ ਦੇ ਸ਼ੱਕੀ ਲੈਣ-ਦੇਣ ਪਾਏ ਗਏ ਹਨ ਅਤੇ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਇਮਾਨਦਾਰ ਅਤੇ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕਰੇਗੀ।

Related Post