ਸੈਕਸ਼ਨ ਅਫਸਰਾਂ ਦੀ ਨਿਯੁਕਤੀ ਨਾਲ ਵਿੱਤੀ ਪ੍ਰਬੰਧਨ ਹੋਵੇਗਾ ਮਜ਼ਬੂਤ : ਚੀਮਾ

By  Ravinder Singh December 14th 2022 07:51 PM

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਜ਼ਬੂਤ ਵਿੱਤੀ ਪ੍ਰਬੰਧਨ ਤੇ ਮੁਲਾਜ਼ਮ ਪੱਖੀ ਫੈਸਲੇ ਲੈਂਦੇ ਹੋਏ ਵੈਲਫੇਅਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵੀ ਵਿੱਤੀ ਪ੍ਰਬੰਧਨ ਤੇ ਭਲਾਈ ਸਕੀਮਾਂ ਦੇ ਖ਼ਰਚਿਆਂ ਦੀ ਸਹੀ ਢੰਗ ਨਾਲ ਦੇਖਰੇਖ ਕਰਨ ਲਈ ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਦੀ ਵੱਖ-ਵੱਖ ਵਿਭਾਗਾਂ 'ਚ ਤਾਇਨਾਤੀ ਕੀਤੀ ਜਾਵੇਗੀ।



ਵਿੱਤ ਮੰਤਰੀ ਨੇ ਕਿਹਾ ਕਿ ਇਸੇ ਲੜੀ 'ਚ ਐਸ.ਏ.ਐਸ. ਕਾਡਰ ਵਿੱਚ ਨਿਯੁਕਤੀਆਂ ਸਬੰਧੀ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਐਸਏਐਸ ਪ੍ਰੀਖਿਆ ਦੀ ਨੋਟੀਫਿਕੇਸ਼ਨ ਤੇ ਪੀਪੀਐਸਸੀ ਰਾਹੀਂ ਸਿੱਧੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਇਸ ਪ੍ਰਕਿਰਿਆ ਤਹਿਤ ਸੈਕਸ਼ਨ ਅਫਸਰਾਂ ਦੀਆਂ ਖ਼ਾਲੀ ਪਈਆਂ ਹੋਰਨਾਂ ਆਸਾਮੀਆਂ ਨੂੰ ਵੀ ਜਲਦੀ ਤੋਂ ਜਲਦੀ ਭਰਿਆ ਜਾਵੇਗਾ।

ਇਹ ਪੜ੍ਹੋ : ਚੰਡੀਗੜ੍ਹ ਦੇ SSP ਅਹੁਦੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਕ ਹੋਏ ਆਹਮੋ-ਸਾਹਮਣੇ

ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਆਪਣੇ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਆਸਾਮੀਆਂ ਨੂੰ ਪਹਿਲ ਦੇ ਆਧਾਰ ਉਤੇ ਭਰਨ ਦੀ ਤਰਜੀਹ ਦਿੱਤੀ ਜਾ ਰਹੀ ਹੈ ਜਿੰਨਾ ਦਾ ਸਿੱਧਾ ਸਬੰਧ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਤੇ ਕੰਮਕਾਜ 'ਚ ਪਾਰਦਰਸ਼ਤਾ ਲਿਆਉਣਾ ਹੈ। ਇਸ ਮੌਕੇ ਵਿੱਤ ਮੰਤਰੀ ਵੱਲੋਂ ਸਮੂਹ ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਸਰਕਾਰੀ ਖਜ਼ਾਨੇ ਤੇ ਹਰਪੱਖੋਂ ਨਜ਼ਰਸਾਨੀ ਕਰਦੇ ਹੋਏ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਸਕੱਤਰ (ਖਰਚਾ) ਸ੍ਰੀ ਮੁਹੰਮਦ ਤਾਇਬ ਅਤੇ ਵਧੀਕ ਡਾਇਰੈਕਟਰ (ਖਜ਼ਾਨਾ ਤੇ ਲੇਖਾ) ਸਿਮਰਜੀਤ ਕੌਰ ਵੀ ਹਾਜ਼ਰ ਸਨ।

Related Post