ਜਲੰਧਰ ਦੇ ਮਾਡਲ ਟਾਊਨ ’ਚ ਪਟਾਕਿਆਂ ਦੇ ਸਟਾਲ ਨੂੰ ਲੱਗੀ ਅੱਗ
ਜਲੰਧਰ ਸ਼ਹਿਰ ਦੇ ਮਾਡਲ ਟਾਊਨ ਸਥਿਤ ਚੀਮਾ ਚੌਕ ਵਿਖੇ ਦੇਰ ਰਾਤ ਪਟਾਕਿਆਂ ਦੇ ਇੱਕ ਸਟਾਲ ਨੂੰ ਅਚਾਨਕ ਅੱਗ ਲੱਗ ਗਈ ।
ਜਲੰਧਰ ਸ਼ਹਿਰ ਦੇ ਮਾਡਲ ਟਾਊਨ ਸਥਿਤ ਚੀਮਾ ਚੌਕ ਵਿਖੇ ਦੇਰ ਰਾਤ ਪਟਾਕਿਆਂ ਦੇ ਇੱਕ ਸਟਾਲ ਨੂੰ ਅਚਾਨਕ ਅੱਗ ਲੱਗ ਗਈ । ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕੁਝ ਹੀ ਮਿੰਟਾਂ ਵਿੱਚ ਪੂਰੇ ਸਟਾਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਅੱਗ ਦੀਆਂ ਉੱਚੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗੀਆਂ, ਜਿਸ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਉੱਥੋਂ ਲੰਘ ਰਹੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ । ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ । ਟੀਮ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਫਾਇਰ ਅਧਿਕਾਰੀ ਵਨੀਸ਼ ਸੋਢੀ ਨੇ ਦੱਸਿਆ ਕਿ ਦੇਰ ਰਾਤ ਕੰਟਰੋਲ ਰੂਮ ਵਿੱਚ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਦੇ ਚੀਮਾ ਚੌਕ ਵਿੱਚ ਪਟਾਕਿਆਂ ਦੇ ਸਟਾਲ ਨੂੰ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਮੌਕੇ ’ਤੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ, ਪਰ ਉੱਥੇ ਸਟਾਲ ਦਾ ਕੋਈ ਮਾਲਕ ਮੌਜੂਦ ਨਹੀਂ ਮਿਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੀ ਅਸਲ ਵਜ੍ਹਾ ਸਾਹਮਣੇ ਆ ਸਕੇਗੀ।