PTC News
Search
🔍 Search

ਜ਼ੀਰਕਪੁਰ ਚ ਪਟਾਕਿਆਂ ਦੇ ਸਟਾਲ ਨੂੰ ਲੱਗੀ ਭਿਆਨਕ ਅੱਗ, ਮੌਕੇ ਤੇ ਮਚੀ ਹਫੜਾ-ਦਫੜੀ

ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋਣ ਦਾ ਅਨੁਮਾਨ

By  Jaswinder Kaur November 9th 2026 09:12 AM

Firecracker stall catches fire in Zirakpur :  ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਸਥਿਤ ਢਕੋਲੀ ਦੀ ਗੁਰੂ ਨਾਨਕ ਐਨਕਲੇਵ ਮਾਰਕੀਟ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਉੱਥੇ ਲੱਗੇ ਪਟਾਕਿਆਂ ਅਤੇ ਸਜਾਵਟੀ ਸਾਮਾਨ ਦੇ ਸਟਾਲਾਂ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਸਟਾਲਾਂ ਵਿੱਚ ਰੱਖੇ ਪਟਾਕੇ ਤੇਜ਼ ਧਮਾਕਿਆਂ ਨਾਲ ਫਟਣ ਲੱਗ ਪਏ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਆਸ-ਪਾਸ ਦੇ ਸਟਾਲ ਵੀ ਇਸ ਦੀ ਲਪੇਟ ਵਿੱਚ ਆ ਗਏ।

ਅੱਗ ਦੀਆਂ ਲਪਟਾਂ ਵਿਚਕਾਰ ਪਟਾਕੇ ਲਗਾਤਾਰ ਫਟਣ ਲੱਗੇ। ਧਮਾਕਿਆਂ ਦੀ ਆਵਾਜ਼ ਨਾਲ ਪੂਰੀ ਮਾਰਕੀਟ ਦਹਿਲ ਗਈ ਅਤੇ ਆਸ-ਪਾਸ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਅਗਨੀਕਾਂਡ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋਣ ਦਾ ਅਨੁਮਾਨ ਹੈ। ਰਾਹਤ ਦੀ ਗੱਲ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ : 

Diwali ਦੀ ਆਤਿਸ਼ਬਾਜ਼ੀ ਮਗਰੋਂ ਦਿੱਲੀ 'ਚ ਪ੍ਰਦੂਸ਼ਣ ਦਾ ਧਮਾਕਾ, ਕਈ ਥਾਵਾਂ 'ਤੇ AQI 400 ਤੋਂ ਪਾਰ

ਇਸ ਅਗਨੀਕਾਂਡ ਨੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨਿਕ ਨਿਗਰਾਨੀ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ ਅੱਠ ਲਾਇਸੈਂਸ ਜਾਰੀ ਕੀਤੇ ਗਏ ਸਨ।

ਇਸ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪਟਾਕਿਆਂ ਦੇ ਸਟਾਲ ਲਗਾਏ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਅਜਿਹੇ ਵਿੱਚ ਸਵਾਲ ਉੱਠ ਰਿਹਾ ਹੈ ਕਿ ਨਿਰਧਾਰਤ ਗਿਣਤੀ ਤੋਂ ਵੱਧ ਸਟਾਲ ਕਿਸ ਦੀ ਇਜਾਜ਼ਤ ਨਾਲ ਚਲਾਏ ਜਾ ਰਹੇ ਸਨ ਅਤੇ ਇਨ੍ਹਾਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਵਿਭਾਗਾਂ ਨੇ ਕੀ ਕਾਰਵਾਈ ਕੀਤੀ?

ਗੁਰੂ ਨਾਨਕ ਐਨਕਲੇਵ ਮਾਰਕੀਟ ਵਿੱਚ ਵਾਪਰੇ ਅਗਨੀਕਾਂਡ ਤੋਂ ਬਾਅਦ ਇਹ ਜਾਂਚ ਕਰਨਾ ਜ਼ਰੂਰੀ ਹੋ ਗਿਆ ਹੈ ਕਿ ਸਟਾਲਾਂ 'ਤੇ ਅੱਗ ਬੁਝਾਊ ਯੰਤਰ ਉਪਲਬਧ ਸਨ ਜਾਂ ਨਹੀਂ ਅਤੇ ਨਿਰਧਾਰਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਸੀ ਜਾਂ ਨਹੀਂ। ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਅਜਿਹੇ ਸਟਾਲਾਂ ਵਿੱਚ ਲਾਪਰਵਾਹੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ।

ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ ਅੱਠ ਲਾਇਸੈਂਸ ਜਾਰੀ ਹੋਣ ਦੀ ਜਾਣਕਾਰੀ ਦੇ ਵਿਚਕਾਰ ਵੱਡੀ ਗਿਣਤੀ ਵਿੱਚ ਸਟਾਲ ਲੱਗਣ ਦਾ ਮਾਮਲਾ ਜਾਂਚ ਦਾ ਵਿਸ਼ਾ ਬਣ ਗਿਆ ਹੈ। ਪ੍ਰਸ਼ਾਸਨ ਨੂੰ ਸਾਰੇ ਵਿਕਰੀ ਕੇਂਦਰਾਂ ਦੇ ਲਾਇਸੈਂਸਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਜੇਕਰ ਬਿਨਾਂ ਇਜਾਜ਼ਤ ਸਟਾਲ ਚਲਾਏ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਸਮੇਂ ਸਿਰ ਕਿਉਂ ਨਹੀਂ ਹਟਾਇਆ ਗਿਆ। ਢਕੋਲੀ ਦਾ ਅਗਨੀਕਾਂਡ ਭਾਵੇਂ ਜਾਨੀ ਨੁਕਸਾਨ ਤੋਂ ਬਿਨਾਂ ਖ਼ਤਮ ਹੋ ਗਿਆ, ਪਰ ਇਸ ਨੇ ਸ਼ਹਿਰ ਵਿੱਚ ਪਟਾਕਿਆਂ ਦੀ ਵਿਕਰੀ ਸਬੰਧੀ ਨਿਗਰਾਨੀ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Related Post