ਪੰਜਾਬ ’ਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਬਾਰੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ 'ਆਪ' ਸਰਕਾਰ ਨੇ ਰਾਜਨੀਤੀ ਕੀਤੀ: ਪ੍ਰਕਾਸ਼ ਸਿੰਘ ਬਾਦਲ

ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਵਾਪਰੀਆਂ ਕੁਝ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ਆਪ ਸਰਕਾਰ ਨੇ ਰਾਜਨੀਤੀ ਕੀਤੀ ਹੈ।

By  Jasmeet Singh March 20th 2023 08:36 PM

ਚੰਡੀਗੜ੍ਹ: ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਵਾਪਰੀਆਂ ਕੁਝ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ਆਪ ਸਰਕਾਰ ਨੇ ਰਾਜਨੀਤੀ ਕੀਤੀ ਹੈ। 

ਸਮੂਹ ਪੰਜਾਬੀਆਂ ਦੇ ਨਾਂ ਲਿਖੇ ਖੁੱਲ੍ਹੇ ਖੱਤ ਵਿਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੇ ਮੁੱਖ ਮੰਤਰੀ ਹੁੰਦਿਆਂ ਕੁਝ ਬੇਹੱਦ ਮਾੜੀਆਂ ਤੇ ਘਿਨਾਉਣੀਆਂ ਘਟਨਾਵਾਂ ਵਾਪਰੀਆਂ। ਇਹ ਪੰਜਾਬ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੀ ਡੂੰਘੀ ਸਾਜ਼ਿਸ਼ ਸੀ। ਇਸੇ ਕੜੀ ਵਿਚ ਦੋ ਲਾਅ ਐਂਡ ਆਰਡਰ ਦੀਆਂ ਘਟਨਾਵਾਂ  ਵੀ ਅਚਾਨਕ ਵਾਪਰੀਆਂ ਜੋ ਬੇਹੱਦ ਮੰਦਭਾਗੀਆਂ ਸਨ। ਉਹਨਾਂ ਕਿਹਾ ਕਿ ਉਹ ਖੁਦ ਇਸ ਗੱਲ ਦੇ ਹਾਮੀ ਹਨ ਕਿ ਉਪਰੋਕਤ ਘਟਨਾਵਾਂ ਦੀ ਨਿਰਪੱਖ ਜਾਂਚ ਹੋਵੇ ਤੇ ਸਾਰੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਪਰ ਬੜਾ ਅਫ਼ਸੋਸ ਹੈ ਕਿ ਸਾਡੀ ਸਰਕਾਰ ਜਾਣ ਤੋਂ ਬਾਅਦ ਪਹਿਲਾਂ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਉੱਪਰ ਨਿਰੰਤਰ ਰਾਜਨੀਤੀ ਕੀਤੀ ਹੈ।

ਉਹਨਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਦਿੱਲੀ ਤੋਂ ਸ੍ਰੀ ਅਰਵਿੰਦ ਕੇਜਰੀਵਾਲ ਰਾਹੀਂ ਚਲਾਈ ਜਾ ਰਹੀ ਸਰਕਾਰ ਇਸ ਹੱਦ ਤੱਕ ਗਿਰ ਗਈ ਹੈ ਕਿ ਲਾਅ ਐਂਡ ਆਰਡਰ ਦੀ ਇਕ ਸਥਿਤੀ ਨੂੰ ਲੈ ਕੇ ਅਤੇ ਸਾਰੇ ਕਾਇਦੇ ਕਨੂੰਨ ਛਿੱਕੇ 'ਤੇ ਟੰਗ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਕ ਝੂਠੇ ਕੇਸ ਵਿਚ ਫਸਾਉਣਾ, ਭਗਵੰਤ ਮਾਨ ਸਰਕਾਰ ਦੀ ਇਹ ਕਾਰਵਾਈ ਬੇਹੱਦ ਅਨੈਤਿਕ, ਲੋਕਤੰਤਰ ਲਈ ਬੇਹੱਦ ਘਾਤਕ ਅਤੇ ਮੁੱਖ ਮੰਤਰੀ ਦੇ ਸੰਵਿਧਾਨਿਕ ਆਹੁਦੇ ਨੂੰ ਕਲੰਕਤ ਕਰਨ ਦੀ ਕੋਝੀ ਸਾਜ਼ਿਸ਼ ਹੈ। ਇਹ ਬਦਲਾਖੋਰੀ ਦੀ ਸਿਆਸਤ ਦਾ ਸਿੱਖ਼ਰ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦਾ ਨਿਵੇਕਲਾ, ਸ਼ਾਨਾਮੱਤਾ ਇਤਿਹਾਸ ਹੈ। ਪੰਜਾਬੀਆਂ ਨੇ ਹਮੇਸ਼ਾ ਜਬਰ, ਜ਼ੁਲਮ ਅਤੇ ਬੇਇਨਸਾਫੀ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਇਸ ਮਹਾਨ ਧਰਤੀ ਨੇ ਸਾਰੀ ਮਾਨਵਤਾ ਨੂੰ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਅਤੇ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦਾ ਸੰਦੇਸ਼ ਦਿੱਤਾ ਹੈ। 

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ। ਗੁਰਦੁਆਰਾ ਸੁਧਾਰ ਲਹਿਰ ਦੌਰਾਨ ਲੱਗੇ ਮੋਰਚਿਆਂ ਨੇ ਆਜ਼ਾਦੀ ਦੀ ਲੜਾਈ ਦੇ ਸੰਗਰਾਮ ਨੂੰ ਬਹੁਤ ਵੱਡਾ ਹੁਲਾਰਾ ਦਿੱਤਾ। ਅਜ਼ਾਦੀ ਅੰਦੋਲਨ ਦੌਰਾਨ ਫਾਂਸੀਆਂ ਤੇ ਚੜ੍ਹਨ ਵਾਲੇ ਤੇ ਕਾਲ ਕੋਠੜੀਆਂ ਦੀਆਂ ਸਜ਼ਾਵਾਂ ਕੱਟਣ ਵਾਲੇ ਵੀ ਸਭ ਤੋਂ ਵੱਧ ਪੰਜਾਬੀ ਹੀ ਸਨ। ਆਜ਼ਾਦ ਦੇਸ਼ ਨੂੰ  ਅਨਾਜ ਦੇ ਮਸਲੇ 'ਤੇ ਆਪਣੇ ਪੈਰਾਂ 'ਤੇ ਖੜੇ ਕਰਨ ਵਾਲੇ ਵੀ ਪੰਜਾਬ ਦੇ ਮਿਹਨਤੀ ਕਿਸਾਨ ਵੀਰ ਹੀ ਸਨ। ਜਦੋਂ ਐਮਰਜੈਂਸੀ ਲਗਾ ਕੇ ਸ੍ਰੀਮਤੀ ਇੰਦਰਾ ਗਾਂਧੀ ਨੇ ਮਨੁੱਖੀ ਹੱਕਾਂ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਮੋਰਚਾ ਲਗਾਇਆ ਸੀ।

ਉਹਨਾਂ ਕਿਹਾ ਕਿ ਇਹ ਬੜੀ ਵੱਡੀ ਤ੍ਰਾਸਦੀ ਹੈ ਕਿ ਉਪਰੋਕਤ ਸਭ ਦੇ ਬਾਵਜੂਦ ਵੀ ਜਦੋਂ ਹੱਕ ਦੇਣ ਦੀ ਗੱਲ ਆਉਂਦੀ ਹੈ ਤਾਂ ਸਾਡੇ ਲਈ ਪੈਮਾਨੇ ਬਦਲ ਜਾਂਦੇ ਹਨ। ਸਾਨੂੰ ਸੂਬਾ ਵੀ ਸੰਘਰਸ਼ ਕਰਕੇ ਲੈਣਾ ਪਿਆ, ਰਾਜਧਾਨੀ ਹਾਲੇ ਤੱਕ ਨਹੀਂ ਮਿਲੀ, ਸਾਡੇ ਪਾਣੀ ਵੀ ਖੋਹ ਲਏ ਗਏ। ਇਹ ਵਿਤਕਰਾ ਅੱਜ ਤੱਕ ਜਾਰੀ ਹੈ।

ਉਹਨਾਂ ਕਿਹਾ ਕਿ  ਅਕਾਲ ਪੁਰਖ ਦੀ ਮਿਹਰ ਤੇ ਸੰਗਤਾਂ ਦੇ ਭਰਪੂਰ ਸਹਿਯੋਗ ਅਤੇ ਦੁਆਵਾਂ ਸਦਕਾ ਉਹਨਾਂ ਨੂੰ  ਲੋਕ ਸੇਵਾ ਵਿਚ 70 ਸਾਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਉਮਰ ਵੀ 95 ਸਾਲ ਨੂੰ ਟੱਪ ਚੁੱਕੀ ਹੈ। ਇਸ ਲੰਬੇ ਅਰਸੇ ਦੌਰਾਨ ਬੜੇ ਉਤਰਾਅ-ਚੜ੍ਹਾਅ ਦੇਖੇ ਹਨ। ਬੇਤਹਾਸ਼ਾ ਸਰਕਾਰੀ ਜਬਰ ਦਾ ਵੀ  ਮੁਕਾਬਲਾ ਕੀਤਾ। ਪੰਥ ਤੇ ਪੰਜਾਬੀਆਂ ਦੀਆਂ ਹੱਕੀ ਮੰਗਾਂ ਦੀ ਖਾਤਰ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿਚ ਬਿਤਾਇਆ। ਉਹਨਾਂ ਕਿਹਾ ਕਿ ਮਾਲਕ ਦੀ ਮਿਹਰ ਸਦਕਾ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਸੁਭਾਗ ਵੀ ਪ੍ਰਾਪਤ ਹੋਇਆ ਅਤੇ ਨਿਮਾਣੇ ਬਣ ਸੇਵਾ ਕੀਤੀ।

ਉਹਨਾਂ ਕਿਹਾ ਕਿ ਉਹਨਾਂ ਮੁੱਖ ਮੰਤਰੀ ਹੁੰਦਿਆਂ ਸਾਰਿਆਂ ਵਰਗਾਂ ਨਾਲ ਇਨਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਨਾਲ ਹੀ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ  ਉਹਨਾਂ ਦੀ ਸਰਕਾਰ ਨੇ ਰਾਜ ਵਿਚ ਅਮਨ ਸ਼ਾਂਤੀ ਤੇ ਸਾਂਝੀਵਾਲਤਾ ਕਾਇਮ ਰੱਖੀ ਅਤੇ  ਇਸ ਦੌਰਾਨ ਸੂਬੇ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਹੋਏ। ਵਿਰਾਸਤ-ਏ-ਖ਼ਾਲਸਾ ਸਮੇਤ ਵੱਡੀਆਂ ਇਤਿਹਾਸਕ ਯਾਦਗਾਰਾਂ ਬਣਾਈਆਂ। 

ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਸੋਝੀ ਹੈ ਕਿ ਇਹ ਰੁਤਬੇ ਮਾਨਵਤਾ ਦੀ ਸੇਵਾ ਲਈ ਹਨ ਅਤੇ ਗੁਰੂ ਦੀ ਮਿਹਰ ਤੇ ਸੰਗਤ ਦੇ ਅਸ਼ੀਰਵਾਦ ਤੋਂ ਬਿਨਾਂ ਹਾਸਲ ਕਰਨੇ ਸੰਭਵ ਨਹੀਂ। ਉਹਨਾਂ ਕਿਹਾ ਕਿ ਇਸ ਲਈ ਉਹ ਮੁੱਖ ਮੰਤਰੀ ਦੇ ਉੱਚ ਪੱਧਰੀ ਵਕਾਰੀ ਅਹੁਦੇ 'ਤੇ ਸੇਵਾ ਕਰਦੇ ਹੋਏ ਕਦੀ ਪੰਥ ਜਾਂ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜਨੀ ਤਾਂ ਇਕ ਪਾਸੇ ਕਦੀ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ ਸਨ।

ਉਹਨਾਂ ਕਿਹਾ ਕਿ ਉਹ ਸਾਰੀ ਉਮਰ ਹੀ ਸਰਕਾਰਾਂ ਦੇ ਜ਼ਬਰ ਖ਼ਿਲਾਫ਼ ਲੜਦੇ ਰਹੇ ਹਨ ਅਤੇ 95 ਸਾਲ ਦੀ ਉਮਰ ਵਿਚ ਹੁਣ ਵੀ ਡੱਟ ਕੇ ਲੜਨਗੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਦਬਾਅ ਉਹਨਾਂ ਨੂੰ ਕਦੀ ਵੀ ਝੁਕਾ ਨਹੀਂ ਸਕਦੇ। ਉਹਨਾਂ ਕਿਹਾ ਕਿ ਉਹਨਾਂ ਨੂੰ ਨਿਆਂਪਾਲਿਕਾ ਉਪਰ ਪੂਰਨ ਭਰੋਸਾ ਹੈ। 

ਉਹਨਾਂ  ਸਮੂਹ ਪੰਜਾਬੀਆਂ ਨੂੰ ਇਹ ਅਪੀਲ ਕੀਤੀ ਕਿ ਇਹ ਕੇਸ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਇਕ ਵੱਡੀ ਸਾਜ਼ਿਸ਼ ਹੈ। ਸਮੂਹ ਪੰਥ ਪ੍ਰਸਤਾਂ ਅਤੇ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਇਹਨਾਂ ਸਾਜਿਸ਼ਾਂ ਖਿਲਾਫ ਡੱਟ ਕੇ ਖੜਨਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਹਰਾ ਕੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਾ ਚਾਹੀਦਾ ਹੈ।

Related Post