ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ।

By  Jasmeet Singh March 30th 2023 04:30 PM -- Updated: March 30th 2023 04:31 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ। 

ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਬੈਠਕ ਦੌਰਾਨ ਪ੍ਰਚਾਰਕ ਜਥਿਆਂ ਨੂੰ ਖਾਲਸਾ ਸਾਜਣਾ ਦਿਵਸ (ਵਿਸਾਖੀ) ਤੱਕ ਦਸਤਖ਼ਤੀ ਮੁਹਿੰਮ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਲਈ ਕਿਹਾ ਗਿਆ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦਾ ਅਹਿਮ ਮਾਮਲਾ ਹੈ, ਜਿਸ ਨੂੰ ਲੈ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਲਗਾਤਾਰ ਸਰਗਰਮ ਹੈ। ਉਨ੍ਹਾਂ ਪ੍ਰਚਾਰਕਾਂ ਨੂੰ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੀ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਤੱਕ ਜ਼ੋਰ ਸ਼ੋਰ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਪ੍ਰੋਫਾਰਮੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾ ਸਕਣ।

ਇਕੱਤਰਤਾ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਚਾਰਕਾਂ ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ 5 ਮਈ 2023 ਨੂੰ ਪੰਥਕ ਜਾਹੋ-ਜਲਾਲ ਨਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵੀ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਵਿਚ ਵੱਡੀ ਪੱਧਰ ’ਤੇ ਸੰਗਤ ਦੀ ਸ਼ਮੂਲੀਅਤ ਲਈ ਪ੍ਰੇਰਣਾ ਲਹਿਰ ਸਿਰਜੀ ਜਾਵੇ। ਇਸ ਕਾਰਜ ਲਈ ਪ੍ਰਚਾਰਕ ਜਥੇ ਪਿੰਡ ਪੱਧਰ ’ਤੇ ਸਰਗਰਮੀ ਨਾਲ ਪ੍ਰਚਾਰ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਰਾਜਿੰਦਰ ਸਿੰਘ ਰੂਬੀ, ਇੰਚਾਰਜ ਕਰਤਾਰ ਸਿੰਘ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਹਾਜ਼ਰ ਸਨ।

Related Post