Uttarakhand Nihang Sikh Bail : ਰਿਹਾਅ ਹੋਣਗੇ ਚਾਰੇ ਨਿਹੰਗ ਸਿੱਖ, ਗੋਪੇਸ਼ਵਰ ਜ਼ਿਲ੍ਹਾ ਅਦਾਲਤ ਨੇ ਦਿੱਤੀ ਜ਼ਮਾਨਤ

Uttarakhand Nihang Sikh Bail : ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੰਧਿਆਚਲ ਸਿੰਘ ਨੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ।

By  KRISHAN KUMAR SHARMA June 27th 2026 05:41 PM -- Updated: June 27th 2026 05:59 PM

Uttarakhand Nihang Bail : ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ 16 ਜੂਨ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਚਾਰ ਨਿਹੰਗ ਸਿੱਖਾਂ ਨੂੰ ਗੋਪੇਸ਼ਵਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੰਧਿਆਚਲ ਸਿੰਘ ਨੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ।

ਜ਼ਿਕਰਯੋਗ ਹੈ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਨਿਹੰਗ ਸਿੱਖਾਂ ਅਤੇ ਸਥਾਨਕ ਨਿਵਾਸੀਆਂ ਵਿਚਕਾਰ ਹੋਈ ਝੜਪ ਤੋਂ ਬਾਅਦ, ਪੁਲਿਸ ਨੇ ਨਿਹੰਗਾਂ ਵਿਰੁੱਧ ਸਥਾਨਕ ਨਿਵਾਸੀਆਂ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਦੱਸ ਦਈਏ ਕਿ ਚਮੋਲੀ 'ਚ ਝੜਪ ਮਾਮਲੇ ਵਿੱਚ ਚਾਰ ਨਿਹੰਗ ਸਿੱਖਾਂ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਕੋਸ਼ਿਸ਼ ਸਮੇਤ ਹੋਰ ਦੋਸ਼ਾਂ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨ ਹੋਏ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਅਤੇ ਗੁਆਂਢੀ ਰਾਜਾਂ ਦੇ 150 ਤੋਂ ਵੱਧ ਨਿਹੰਗ ਸਿੱਖ ਉੱਤਰਾਖੰਡ ਸਰਹੱਦ ਨੇੜੇ ਇਕੱਠੇ ਹੋਏ, ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਰੱਖਣ ਦੀ ਇਜਾਜ਼ਤ ਮੰਗੀ।

ਉਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਬਣੀ ਸੀ ਸਹਿਮਤੀ

ਦੱਸ ਦਈਏ ਕਿ ਬੀਤੇ ਦਿਨ ਪ੍ਰਸ਼ਾਸਨ ਨੇ ਨਿਹੰਗ ਸਿੱਖਾਂ ਨੂੰ ਇਹ ਭਰੋਸਾ ਦੇ ਕੇ ਉੱਤਰਾਖੰਡ ਨਾ ਜਾਣ ਲਈ ਮਨਾ ਲਿਆ ਕਿ ਉਨ੍ਹਾਂ ਦੀਆਂ ਮੰਗਾਂ ਦੋ ਦਿਨਾਂ ਦੇ ਅੰਦਰ ਹੱਲ ਕਰ ਦਿੱਤੀਆਂ ਜਾਣਗੀਆਂ। ਉਪਰੰਤ, ਨਿਹੰਗ ਸਿੱਖਾਂ ਨੇ ਵੀ ਭਰੋਸਾ ਦਿੱਤਾ ਸੀ ਕਿ ਉਹ ਹੁਣ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਉਡੀਕ ਕਰਨਗੇ ਅਤੇ ਸ਼ਾਂਤੀ ਬਣਾਈ ਰੱਖਣਗੇ।

ਨਿਹੰਗ ਸਿੱਖਾਂ ਨੇ ਦੁਹਰਾਇਆ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਸੁਣੀਆਂ ਗਈਆਂ ਹਨ ਅਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਸੀ ਕਿ ਉਤਰਾਖੰਡ ਦੇ ਕਰਨਪ੍ਰਯਾਗ ਵਿੱਚ ਨਿਹੰਗ ਸਿੱਖਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਈ ਝੜਪ ਦੀ ਘਟਨਾ ਦੀ ਨਿਰਪੱਖ ਜਾਂਚ ਲਈ ਇੱਕ ਐਸਆਈਟੀ (SIT) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਫਲ ਗੱਲਬਾਤ ਤੋਂ ਬਾਅਦ ਮਾਹੌਲ ਹੁਣ ਸ਼ਾਂਤੀਪੂਰਨ ਹੈ।

Related Post