ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ 'ਚ ਸਰਕਾਰਾਂ ਨਾਕਾਮ : ਐਸਜੀਪੀਸੀ ਪ੍ਰਧਾਨ ਧਾਮੀ

By  Ravinder Singh December 5th 2022 03:55 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਕੋਲੋਂ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ਵਿਚ ਫੇਲ੍ਹ ਹੋ ਰਹੀਆਂ ਹਨ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨਾਲ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਗਿਆ ਹੈ, ਕਿਉਂਕਿ ਕੋਈ ਵੀ ਮਨੁੱਖ ਧਾਰਮਿਕ ਅਸਥਾਨਾਂ ਦੀ ਬੇਹੁਰਮਤੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਬਹੁਤ ਵਾਰ ਅਜਿਹੇ ਮਾਮਲਿਆਂ 'ਚ ਸਰਕਾਰ ਵੱਲੋਂ ਜਾਂਚ ਤੇ ਸਜ਼ਾਵਾਂ ਵਿਚ ਢਿੱਲ ਕਰਕੇ ਮੁਲਜ਼ਮ ਬਰੀ ਹੋ ਜਾਂਦੇ ਹਨ, ਜਿਸ ਕਾਰਨ ਮੁਲਜ਼ਮਾਂ ਦੇ ਹੌਸਲੇ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਤੇ ਸੁਰੱਖਿਆ ਦੇ ਪੁਖ਼ਤਾ ਇਤਜ਼ਾਮ ਕਰਨ ਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ਵਿਚ ਹਾਜ਼ਰ ਰਹਿਣ।

ਇਹ ਵੀ ਪੜ੍ਹੋ : ਨਾਈਜੀਰੀਆ ’ਚ ਹਥਿਆਰਬੰਦ ਗਿਰੋਹ ਵੱਲੋਂ ਮਸਜਿਦ ’ਤੇ ਹਮਲਾ, 12 ਦੀ ਮੌਤ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਘਟਨਾ ਵਾਪਰਨ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ  ਗੁਰਦੁਆਰਾ ਸਾਹਿਬ ਦੇ ਮੈਨੇਜਰ ਮੋਹਨ ਸਿੰਘ, ਪ੍ਰਚਾਰਕ ਭਾਈ ਹਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ਉਤੇ ਪੁੱਜੇ ਹਨ।

Related Post