Sri Anandpur Sahib News : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਚਰਚਾ
Sri Anandpur Sahib News : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ

Sri Anandpur Sahib News : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਮੌਕੇ ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਰਾਜਪਾਲ ਕਟਾਰੀਆ ਨੂੰ ਸਿਰੋਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਸ੍ਰੀ ਕਟਾਰੀਆ ਅਤੇ ਜਥੇਦਾਰ ਗੜਗੱਜ ਵਿਚਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ਅੰਦਰ ਪੁਲਿਸ ਮੁਕਾਬਲੇ, ਧਰਮ ਪਰਿਵਰਤਨ ਆਦਿ ਜਿਹੇ ਅਹਿਮ ਮਾਮਲਿਆਂ ਉੱਤੇ ਵਿਚਾਰਾਂ ਹੋਈਆਂ।
ਮੁਲਾਕਾਤ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਬਹੁਤ ਚੰਗੇ ਮਹੌਲ ਵਿੱਚ ਗੱਲਬਾਤ ਹੋਈ, ਜਿਸ ਦੌਰਾਨ ਉਨ੍ਹਾਂ ਪਾਸ ਉਠਾਏ ਗਏ ਮਾਮਲਿਆਂ ਨੂੰ ਰਾਜਪਾਲ ਨੇ ਗੌਰ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦੀ ਗੱਲ ਆਖੀ। ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜਪਾਲ ਨੂੰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਦੇ ਸਿਧਾਂਤ ਨੂੰ ਦਰਸਾਉਂਦਿਆਂ ਚੰਗੇ ਤਰੀਕੇ ਨਾਲ ਮਨਾਈ ਜਾਣੀ ਚਾਹੀਦੀ ਹੈ। ਰਾਜਪਾਲ ਸ੍ਰੀ ਕਟਾਰੀਆ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਸਲਾਹ ਨਾਲ ਮਨਾਈ ਜਾਵੇ, ਕਿਉਂਕਿ ਇਹ ਸਿੱਖਾਂ ਦੀ ਨੁਮਾਇੰਦਾ ਕੇਂਦਰੀ ਧਾਰਮਿਕ ਸੰਸਥਾ ਹੈ ਜੋ ਗੁਰਮਤਿ ਸਮਾਗਮਾਂ ਵਿੱਚ ਸਿੱਖ ਰਵਾਇਤਾਂ, ਮਰਯਾਦਾ ਅਤੇ ਸਿਧਾਂਤਾਂ ਦੀ ਬਿਹਤਰ ਤਰਜਮਾਨੀ ਕਰਦੀ ਹੈ।
ਜਥੇਦਾਰ ਗੜਗੱਜ ਨੇ ਰਾਜਪਾਲ ਪੰਜਾਬ ਕੋਲ ਪਿਛਲੇ ਸੱਤ ਮਹੀਨਿਆਂ ਅੰਦਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਮੁਕਾਬਲਿਆਂ ਦਾ ਮਾਮਲਾ ਵੀ ਉਠਾਇਆ, ਜਿਨ੍ਹਾਂ ਵਿੱਚ ਪੁਲਿਸ ਨੇ ਤਕਰੀਬਨ ਇੱਕੋ ਜਿਹੀ ਕਹਾਣੀ ਬਣਾਈ ਹੈ ਕਿ ਹਥਿਆਰ ਬਰਾਮਦ ਕਰਨ ਗਏ ਤੇ ਕਥਿਤ ਦੋਸ਼ੀਆਂ ਵੱਲੋਂ ਪੁਲਿਸ ਉੱਤੇ ਗੋਲੀ ਚਲਾਈ ਗਈ ਅਤੇ ਜਵਾਬੀ ਕਾਰਵਾਈ ਵਿੱਚ ਉਹ ਮਾਰੇ ਗਏ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਅੰਦਰ ਲੋਕਾਂ ਨੂੰ ਨਿਆਂ ਦੇਣ ਲਈ ਅਦਾਲਤਾਂ ਹਨ ਤਾਂ ਫਿਰ ਸਜ਼ਾ ਵੀ ਅਦਾਲਤ ਨੂੰ ਹੀ ਦੇਣੀ ਚਾਹੀਦੀ ਹੈ ਅਤੇ ਮੁਕਾਬਲਿਆਂ ਵਿੱਚ ਕਿਸੇ ਨੂੰ ਸਜ਼ਾ ਦੇਣਾ ਗਲਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿਛਲੇ ਦਿਨੀਂ ਅਬੋਹਰ ਅੰਦਰ ਹੋਇਆ ਵਪਾਰੀ ਭਰਾ ਦਾ ਕਤਲ ਵੀ ਬੇਹੱਦ ਮੰਦਭਾਗਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ, ਪਰ ਅਮਨ ਕਾਨੂੰਨ ਨੂੰ ਦੇਖਣਾ ਸਰਕਾਰ ਦਾ ਕੰਮ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅੰਦਰ ਵੀ ਇੱਕ ਸਾਬਕਾ ਅਕਾਲੀ ਸਰਪੰਚ ਨੂੰ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਬੋਹਰ ਮਾਮਲੇ ਨਾਲ ਸਬੰਧਤ ਮਾਰੇ ਗਏ ਦੋ ਨੌਜਵਾਨ ਲੜਕਿਆਂ ਦੇ ਪਰਿਵਾਰਾਂ ਵੱਲੋਂ ਪੁਲਿਸ ਮੁਕਾਬਲਿਆਂ ਨੂੰ ਝੂਠਾ ਕਿਹਾ ਜਾ ਰਿਹਾ ਹੈ ਅਤੇ ਉਹ ਇਨਸਾਫ਼ ਲਈ ਅਵਾਜ਼ ਉਠਾ ਰਹੇ ਹਨ, ਇਸ ਦਾ ਸੱਚ ਅਤੇ ਝੂਠ ਤਾਂ ਸਮੇਂ ਨਾਲ ਸਾਹਮਣੇ ਆਵੇਗਾ, ਪਰ ਅਜਿਹੇ ਵਰਤਾਰੇ ਨੂੰ ਠੱਲ੍ਹ ਪੈਣੀ ਚਾਹੀਦੀ ਹੈ। ਪੰਜਾਬ ਪੁਲਿਸ ਰਾਜ ਬਣਨ ਵੱਲ ਨਹੀਂ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਸ੍ਰੀ ਕਟਾਰੀਆ ਨਾਲ ਧਰਮ ਪਰਿਵਰਤਨ ਦੇ ਮਾਮਲੇ ਉੱਤੇ ਵੀ ਵਿਚਾਰ ਹੋਈ। ਉਨ੍ਹਾਂ ਕਿਹਾ ਕਿ ਲਾਲਚ, ਡਰ, ਪਖੰਡ ਅਤੇ ਝੂਠੀਆਂ ਕਰਾਮਾਤਾਂ ਦਾ ਮਹੌਲ ਸਿਰਜ ਕੇ ਧਰਮ ਪਰਿਵਰਤਨ ਕਰਵਾਉਣਾ ਬਿਲਕੁਲ ਠੀਕ ਨਹੀਂ ਅਤੇ ਇਹ ਵਿਚਾਰ ਹੋਈ ਹੈ ਕਿ ਪ੍ਰੇਮ ਨਾਲ ਪਰਿਵਰਤਨ ਕਰ ਗਏ ਪਰਿਵਾਰਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾਣ।