ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ: CM ਮਾਨ

By  Pardeep Singh December 26th 2022 06:55 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਐਡਵਾਇਰ ਤੋਂ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਦੇ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸ਼ਹੀਦ ਊਧਮ ਸਿੰਘ ਅਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਆਪਣੀ ਵਿਦੇਸ਼ ਯਾਤਰਾ ਦੌਰਾਨ ਹਮੇਸ਼ਾ ਭਾਈਚਾਰਕ ਸਾਂਝ ਲਈ ਡਟੇ ਰਹੇ ਤਾਂ ਜੋ ਲੋਕਾਂ ਨੂੰ ਇਕੱਠੇ ਹੋ ਕੇ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

 ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੇ ਬਹਾਦਰੀ ਅਤੇ ਵਿਲੱਖਣ ਯੋਗਦਾਨ 'ਤੇ ਮਾਣ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਨੇ ਬਹਾਦਰੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰਾ ਬਣੇਗੀ।

Related Post