ਗੁਰਦਾਸਪੁਰ: 13 ਗਊਆਂ ਦੀ ਅਚਾਨਕ ਹੋਈ ਮੌਤ; ਜਾਂਚ ਵਿੱਚ ਜੁਟੀ ਵੈਟਰਨਰੀ ਡਾਕਟਰਾਂ ਦੀ ਟੀਮ
ਗਊਆਂ ਦੇ ਚਾਰੇ 'ਚ ਜ਼ਹਿਰੀਲਾ ਪਦਾਰਥ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਫ਼ਿਲਹਾਲ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਗਊਸ਼ਾਲਾ ਵਿੱਚ 450 ਦੇ ਕਰੀਬ ਗਾਵਾਂ ਹਨ।

ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਦੇ ਸ਼ਹਿਰ ਬਟਾਲਾ 'ਚ ਦੇਰ ਰਾਤ ਇਕ ਗਊਸ਼ਾਲਾ 'ਚ 13 ਦੇ ਕਰੀਬ ਗਊਆਂ ਦੀ ਅਚਾਨਕ ਮੌਤ ਹੋਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਮੌਕੇ 'ਤੇ ਇਕੱਠੇ ਹੋ ਗਏ। ਰਾਤ ਨੂੰ ਗਊਆਂ ਵਿੱਚ ਹਫੜਾ-ਦਫੜੀ ਮੱਚ ਗਈ। ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਬਟਾਲਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਅਤੇ ਪਸ਼ੂ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਗਾਵਾਂ ਦੇ ਚਾਰੇ 'ਚ ਜ਼ਹਿਰੀਲਾ ਪਦਾਰਥ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਫ਼ਿਲਹਾਲ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਗਊਸ਼ਾਲਾ ਵਿੱਚ 450 ਦੇ ਕਰੀਬ ਗਾਵਾਂ ਹਨ।
ਬਟਾਲਾ ਵਿੱਚ ਗਊਆਂ ਦੀ ਅਚਾਨਕ ਹੋਈ ਮੌਤ ਸਬੰਧੀ ਮੌਕੇ ’ਤੇ ਪਹੁੰਚੇ ਹਿੰਦੂ ਸੰਗਠਨ ਦੇ ਆਗੂ ਵਿਜੇ ਪ੍ਰਭਾਕਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉੱਥੇ ਪਹੁੰਚ ਕੇ ਦੇਖਿਆ ਕਿ ਕੁਝ ਗਊਆਂ ਮਰੀਆਂ ਹੋਈਆਂ ਸਨ। ਉਨ੍ਹਾਂ ਨੂੰ ਚੁੱਕਣ ਲਈ ਆਟੋ ਇੱਥੇ ਖੜ੍ਹੇ ਸਨ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਦੋਸ਼ੀ ਸਾਹਮਣੇ ਆਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੌਕੇ 'ਤੇ ਜਾਂਚ ਲਈ ਪਹੁੰਚੇ ਐੱਸ.ਪੀ ਬਟਾਲਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਪਾਸਿਓਂ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਕਾਰਨ ਦਾ ਪਤਾ ਲਗਾ ਲਿਆ ਜਾਵੇਗਾ। ਪਸ਼ੂ ਚਿਕਿਤਸਕਾਂ ਦੀ ਟੀਮ ਵੀ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਗਊਆਂ ਦੀ ਮੌਤ ਕਿਵੇਂ ਹੋਈ। ਤੱਥ ਸਾਹਮਣੇ ਆਉਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।