Chhattisgarh ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ

By  Shanker Badra February 17th 2026 04:31 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ। 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਛੱਤੀਸਗੜ੍ਹ ਰਾਹੀਂ ਚਲਾਇਆ ਜਾਂਦਾ ਹੈ। ਇਸ ਦਰਬਾਰ ਦੇ ਨਵੀਨੀਕਰਨ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਜਗਜੀਤ ਸਿੰਘ ਖਨੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇੇਟੀ ਵੱਲੋਂ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸਿੱਖ ਮਿਸ਼ਨ ਛੱਤੀਸਗੜ੍ਹ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਣੋਗ ਨਾਲ ਉਚੇਚੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਬਾਹਰ ਵੱਸਦੇ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣੇ ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਿੱਖ ਦੀ ਆਪਣੀ ਸੰਸਥਾ ਹੈ, ਜਿਸ ਨੂੰ ਸਾਡੇ ਬਜ਼ਰੁਗਾਂ ਨੇ ਲੰਮੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਲਿਆਂਦਾ ਸੀ। 

ਉਨ੍ਹਾਂ ਕਿਹਾ ਕਿ ਆਪਣੀ ਮਾਣ-ਮੱਤੀ ਸੰਸਥਾ ਨਾਲ ਸਹਿਯੋਗ ਕਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਯਤਨ ਕਰਨੇ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਸਹੂਲਤ ਲਈ ਹੋਰ ਕਾਰਜ ਵੀ ਕੀਤੇ ਜਾਣਗੇ, ਜਿਸ ਲਈ ਵਿਸ਼ੇਸ਼ ਤੌਰ ’ਤੇ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਦੌਰਾਨ ਛੱਤੀਗੜ੍ਹ ਦੇ ਸਮਾਜਸੇਵੀ ਤੇ ਸਿੱਖ ਆਗੂ ਸ. ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਛੱਤੀਸਗੜ੍ਹ ਦੇ ਸਿੱਖ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Related Post