ਗੁ. ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

By  KRISHAN KUMAR SHARMA April 7th 2024 04:11 PM

ਅੰਮ੍ਰਿਤਸਰ: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ (Sri Guru Har Rai Ji) ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸੰਗਤ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਵਿਚਾਰ ਕਰਦਿਆਂ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।

ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਮੈਨੇਜਰ ਜਗਤਾਰ ਸਿੰਘ ਸਹੂਰਾ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।

Related Post