ਗੁਰਿੰਦਰ ਸਿੰਘ ਬਾਵਾ ਤੇ ਜਸਬੀਰ ਸਿੰਘ ਧਾਮ ਨੇ ਕਿਵੇਂ ਹੱਲ ਕਰਵਾਇਆ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਰਣਜੀਤ ਸਿੰਘ ਗੌਹਰ ਵਿਵਾਦ ?

Takht Sri Patna Sahib : ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਨੇ ਗੱਲ ਕਰਦਿਆਂ ਕਿਹਾ ਕਿ ਕੌਮੀ ਸੰਸਥਾਵਾਂ ਵਿਚ ਆਪਸੀ ਸਹਿਯੋਗ ਬੇਹੱਦ ਜਰੂਰੀ ਹੈ ਅਤੇ ਇਸ ਦਿਸ਼ਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਕਦਮ ਸਲਾਹੁਣਯੋਗ ਹੈ।

By  KRISHAN KUMAR SHARMA August 18th 2025 07:54 PM -- Updated: August 18th 2025 07:59 PM

Takht Sri Patna Sahib : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਭਾਵੇਂ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਸਬੰਧੀ 14 ਜੁਲਾਈ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕਰ ਲਿਆ ਗਿਆ ਹੈ, ਪਰ ਇਹ ਮਸਲਾ ਕਿਵੇਂ ਹੱਲ ਹੋਇਆ ਅਤੇ ਕੌਣ ਸਨ ਇਸ ਅਹਿਮ ਮਸਲੇ ਨੂੰ ਹੱਲ ਕਰਵਾਉਣ ਪਿਛੇ ਆਓ ਜਾਣਦੇ ਹਾਂ...

ਜਾਣਕਾਰੀ ਅਨੁਸਾਰ ਇਸ ਵਿਵਾਦ ਦੌਰਾਨ ਸੁਪਰੀਮ ਕੋਰਟ ਦਾ ਵੀ ਰੁਖ਼ ਕੀਤਾ ਗਿਆ। ਉਪਰੰਤ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਇਹ ਮਸਲਾ ਪਹੁੰਚਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਰਾਸ਼ਟਰ ਤੋਂ ਮੈਂਬਰ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਨਵ ਨਿਯੁਕਤ ਮੈਂਬਰਾਂ ਗੁਰਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਦੀ ਸੇਵਾ ਲਗਾਈ ਗਈ ਸੀ, ਜਿਸ ਨੂੰ ਦੋਵੇਂ ਆਗੂਆਂ ਨੇ ਬਹੁਤ ਹੀ ਸੁਹਿਰਦਤਾ ਨਾਲ ਨੇਪਰ੍ਹੇ ਚੜ੍ਹਾਇਆ ਅਤੇ ਵੱਲੋਂ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਕਰਵਾਈ।

ਕੀ ਸੀ ਵਿਵਾਦ ਪਿੱਛੇ ਕਾਰਨ ? 

ਇਸ ਮਾਮਲੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਲ 2022 ਵਿੱਚ ਉਸ ਸਮੇਂ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਵੱਲੋਂ ਕੁਝ ਕਾਰਨਾਂ ਕਰਕੇ ਜਥੇਦਾਰ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਵਿਰੁੱਧ ਅਦਾਲਤ ਵਿੱਚ ਕੇਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ’ਤੇ ਖ਼ਾਲਸਾ ਪੰਥ ਦੀ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਜਾਰੀ ਕਰਕੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਬਣਦਾ ਬਕਾਇਆ ਦੇਣ ਲਈ ਕਿਹਾ ਗਿਆ ਸੀ। 

ਕਿਵੇਂ ਹੋਇਆ ਮਸਲੇ ਦਾ ਹੱਲ ? 

ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਾਂ ਉਪਰੰਤ ਵਿਵਾਦ ਨੂੰ ਹੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸਲਾਹ ਨਾਲ ਬਾਵਾ ਗੁਰਿੰਦਰ ਸਿੰਘ ਨੇ ਗਿਆਨੀ ਗੜਗੱਜ ਤੇ ਤਖ਼ਤ ਸਾਹਿਬ ਬੋਰਡ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨਾਲ ਇੱਕ ਮੀਟਿੰਗ ਹੋਈ। ਉਪਰੰਤ ਵਿਚਾਰ ਵਟਾਂਦਰਾ ਪਿੱਛੋਂ ਇਸ ਮਸਲੇ ਨੂੰ ਹਲ ਕਰਨ ਲਈ ਬਾਵਾ ਗੁਰਿੰਦਰ ਸਿੰਘ ਨੇ ਜਸਬੀਰ ਸਿੰਘ ਧਾਮ ਨੂੰ ਮੁੰਬਈ ਤੋਂ ਪਟਨਾ ਸਾਹਿਬ ਭੇਜਿਆ। 

ਜਗਜੋਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਂਰਾਸ਼ਟਰ ਤੋਂ ਮੈਂਬਰ ਗੁਰਵਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਵੱਲੋਂ ਦੋਵੇਂ ਪੱਖਾਂ ਵਿਚਕਾਰ ਸਹਿਮਤੀ ਲਈ ਕੀਤੇ ਗਏ ਯਤਨਾਂ ਤੋਂ ਬਾਅਦ ਬੀਤੇ ਕੱਲ੍ਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਪ੍ਰਬੰਧਕ ਕਮੇਟੀ ਵੱਲੋਂ ਬਣਦਾ ਬਕਾਇਆ ਅਦਾ ਕਰਨ ਤੋਂ ਬਾਅਦ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਨਾਲ ਵਿਦਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਇਹ ਵਿਵਾਦ ਪੂਰੀ ਤਰ੍ਹਾਂ ਸਮਾਪਤ ਹੋ ਗਿਆ ਹੈ।

ਕੌਮੀ ਸੰਸਥਾਵਾਂ ਵਿਚ ਆਪਸੀ ਸਹਿਯੋਗ ਬੇਹੱਦ ਜਰੂਰੀ : ਗੁਰਿੰਦਰ ਸਿੰਘ ਬਾਵਾ

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਨੇ ਗੱਲ ਕਰਦਿਆਂ ਕਿਹਾ ਕਿ ਕੌਮੀ ਸੰਸਥਾਵਾਂ ਵਿਚ ਆਪਸੀ ਸਹਿਯੋਗ ਬੇਹੱਦ ਜਰੂਰੀ ਹੈ ਅਤੇ ਇਸ ਦਿਸ਼ਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਕਦਮ ਸਲਾਹੁਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਸਲੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਰੰਭਕ ਯਤਨ ਵੀ ਵਿਸ਼ੇਸ਼ ਤੌਰ ’ਤੇ ਉਲੇਖਯੋਗ ਹਨ।

Related Post