Amritsar News : ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Amritsar News : ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਪਾਵਨ ਚਰਨਾਂ ਵਿੱਚ ਕੋਟਿਨ-ਕੋਟਿ ਨਮਨ ਕਰਦਿਆਂ ਪ੍ਰੇਰਣਾ ਲੈਣ ਲਈ ਕਿਹਾ।

By  KRISHAN KUMAR SHARMA December 27th 2025 10:27 AM -- Updated: December 27th 2025 10:30 AM

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਅੱਜ ਦਸਮੇਸ਼ ਪਿਤਾ ਸਾਹਿਬੇ-ਕਮਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਮਹੱਤਵਪੂਰਨ ਅਤੇ ਗੌਰਵਮਈ ਹੈ। ਇਕ ਪਾਸੇ ਖ਼ਾਲਸਾ ਪੰਥ ਦੇ ਸਾਜਣਹਾਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਉੱਥੇ ਹੀ ਦੂਜੇ ਪਾਸੇ ਸਤਿਗੁਰਾਂ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਵੀ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿਰਫ਼ ਸੱਤ ਅਤੇ ਨੌ ਸਾਲ ਦੀ ਨਿੱਘੀ ਉਮਰ ਵਿੱਚ ਛੋਟੇ ਸਾਹਿਬਜ਼ਾਦਿਆਂ ਨੇ ਜ਼ੁਲਮ ਅੱਗੇ ਝੁਕਣ ਦੀ ਬਜਾਏ ਸ਼ਹਾਦਤ ਨੂੰ ਕਬੂਲ ਕੀਤਾ ਪਰ ਧਰਮ ਨਹੀਂ ਛੱਡਿਆ। ਉਨ੍ਹਾਂ ਨੇ ਨਾ ਤਾਂ ਜ਼ਾਲਮ ਦੀ ਈਨ ਮੰਨੀ ਅਤੇ ਨਾ ਹੀ ਧਰਮ ਬਦਲਣ ਨੂੰ ਸਵੀਕਾਰਿਆ। ਇਹੀ ਕਾਰਨ ਹੈ ਕਿ ਅੱਜ ਸਮੁੱਚਾ ਸੰਸਾਰ ਉਨ੍ਹਾਂ ਨੂੰ ਸਤਿਕਾਰ ਸਹਿਤ “ਬਾਬਾ” ਸ਼ਬਦ ਨਾਲ ਸੰਬੋਧਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਮਾਤਾ ਗੁਜਰ ਕੌਰ ਜੀ ਨੇ ਵੀ ਧੀਰਜ, ਸਹਿਨਸ਼ੀਲਤਾ ਅਤੇ ਅਟੱਲ ਵਿਸ਼ਵਾਸ ਦੀ ਮਿਸਾਲ ਕਾਇਮ ਕਰਦਿਆਂ ਅੱਜ ਦੇ ਦਿਨ ਮਹਾਨ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਅਮਰ ਅਧਿਆਇ ਹੈ।

ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਪਾਵਨ ਚਰਨਾਂ ਵਿੱਚ ਕੋਟਿਨ-ਕੋਟਿ ਨਮਨ ਕਰਦਿਆਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਸੱਚ, ਧਰਮ ਅਤੇ ਇਨਸਾਨੀਅਤ ਦੇ ਰਾਹ ’ਤੇ ਚਲਣ ਦੀ ਪ੍ਰੇਰਣਾ ਦਿੰਦੀਆਂ ਹਨ।

Related Post