Muradpura Beadbi : ਮੁਰਾਦਪੁਰਾ ’ਚ ਬੇਅਦਬੀ ਦੀ ਘਟਨਾ ਸਰਕਾਰ ਦੀ ਨਾਕਾਮੀ ਦਾ ਨਤੀਜਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

SGPC on Muradpura Beadbi : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਥਾਵਾਂ ’ਤੇ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੋ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ।

By  KRISHAN KUMAR SHARMA December 28th 2024 04:11 PM -- Updated: December 28th 2024 04:20 PM

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਮੁਰਾਦਪੁਰਾ ਵਿਖੇ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਨਾ ਮਿਲਣ ਕਾਰਨ ਅਜਿਹੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਥਾਵਾਂ ’ਤੇ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੋ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੋਂ ਪਰਦਾ ਚੁੱਕਿਆ ਜਾ ਸਕੇ।

Related Post