MP ਅੰਮ੍ਰਿਤਪਾਲ ਸਿੰਘ ਮਾਮਲੇ ’ਚ ਅੰਮ੍ਰਿਤਸਰ ਸੈਸ਼ਨ ਕੋਰਟ ’ਚ ਹੋਈ ਸੁਣਵਾਈ; ਸਾਂਸਦ ’ਤੇ ਲੱਗੇ ਚਾਰਜ ਰੱਦ ਕਰਨ ਲਈ ਅਰਜ਼ੀ ਦਾਇਰ

ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ “ਬੇਬੁਨਿਆਦ” ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

By  Aarti May 8th 2026 12:49 PM

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ।

ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ “ਬੇਬੁਨਿਆਦ” ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ।

ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ।

ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ‘ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

ਇਹ ਵੀ ਪੜ੍ਹੋ  : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼, ਜਥੇਦਾਰ ਸਾਹਿਬ ਨੇ ਕੀਤਾ ਹੈ ਤਲਬ

Related Post