ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਦੀ ਸਪਲਾਈ ਚੇਨ, ਡਰੱਗ ਮਾਫੀਆ ਅਤੇ ਗੈਂਗਸਟਰ ਨੈੱਟਵਰਕ ਨੂੰ ਤੋੜਨ ਵੱਲ ਅਹਿਮ ਕਦਮ: ਤਰੁਣ ਚੁਘ
ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਲੜਨ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਅਸਲੀਅਤ ਹੁਣ ਸਾਹਮਣੇ ਆ ਰਹੀ ਹੈ।
ਚੰਡੀਗੜ੍ਹ- ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਲੜਨ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਅਸਲੀਅਤ ਹੁਣ ਸਾਹਮਣੇ ਆ ਰਹੀ ਹੈ। ਜਲੰਧਰ ਵਿੱਚ ਇੱਕ ਲੱਖ ਨਸ਼ੀਲੀਆਂ ਦਵਾਈਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਮਨ ਆਨੰਦ ਜਲੰਧਰੀਆ ਦੀ ਗ੍ਰਿਫ਼ਤਾਰੀ ਨੇ ‘ਆਪ’ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨਸ਼ਿਆਂ ਵਿਰੁੱਧ ਜੰਗ ਦੇ ਦਾਅਵੇ ਕਰਦੇ ਹਨ, ਦੂਜੇ ਪਾਸੇ ਉਨ੍ਹਾਂ ਦੀ ਆਪਣੀ ਪਾਰਟੀ ਨਾਲ ਜੁੜੇ ਆਗੂ ਦੀ ਨਸ਼ੀਲੀਆਂ ਦਵਾਈਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਸਾਹਮਣੇ ਆਉਂਦੀ ਹੈ। ਸਵਾਲ ਇਹ ਹੈ ਕਿ ਜੇਕਰ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ, ਤਾਂ ਇਹ ਨੈੱਟਵਰਕ ਚੱਲ ਕਿਵੇਂ ਰਿਹਾ ਹੈ?
ਚੁਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਖੋਖਲੇ ਵਾਅਦੇ ਨਹੀਂ, ਸਗੋਂ ਠੋਸ ਕਾਰਵਾਈ ਅਤੇ ਜਵਾਬਦੇਹੀ ਚਾਹੀਦੀ ਹੈ। ਨਸ਼ਿਆਂ ਦਾ ਕਾਰੋਬਾਰ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਗੈਂਗਸਟਰਾਂ ਦੇ ਵਧਦੇ ਨੈੱਟਵਰਕ ਨੇ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰੇ ਵਿੱਚ ਪਾ ਦਿੱਤਾ ਹੈ। ਨਸ਼ੇ ਗਲੀਆਂ ਅਤੇ ਮੁਹੱਲਿਆਂ ਵਿੱਚ ਪੀਜ਼ਾ ਤੇ ਟੌਫ਼ੀਆਂ ਵਾਂਗ ਆਸਾਨੀ ਨਾਲ ਮਿਲਣ ਦੀ ਸਥਿਤੀ ਬਣ ਗਈ ਹੈ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਧਮਕੀਆਂ ਅਤੇ ਹਿੰਸਕ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਸ਼ਿਆਂ ਵਿਰੁੱਧ ਲੜਦਿਆਂ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਚੁਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 20 ਅਕਤੂਬਰ ਨੂੰ ਪੰਜਾਬ ਦੌਰਾ ਬੇਹੱਦ ਮਹੱਤਵਪੂਰਨ ਹੈ। ਨਸ਼ਿਆਂ ਦੇ ਕਾਰੋਬਾਰ ਅਤੇ ਸੰਗਠਿਤ ਅਪਰਾਧ ਵਿਰੁੱਧ ਨਿਰਣਾਇਕ ਕਾਰਵਾਈ, ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ’ਤੇ ਰੋਕ, ਨਸ਼ਿਆਂ ਦੀ ਸਪਲਾਈ ਚੇਨ ਨੂੰ ਤਬਾਹ ਕਰਨਾ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਸਮੇਂ ਦੀ ਲੋੜ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਤੈਅ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਸਿਰਫ਼ ਸਿਆਸੀ ਨਾਅਰੇ ਨਹੀਂ, ਸਗੋਂ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਅਤੇ ਨਤੀਜੇ ਚਾਹੀਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਚੁਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਜਰਾਤ, ਹਰਿਆਣਾ ਅਤੇ ਰਾਜਸਥਾਨ ਤੋਂ ਸਿੱਖਣਾ ਚਾਹੀਦਾ ਹੈ, ਜਿੱਥੇ ਨਸ਼ਿਆਂ ਦੀਆਂ ਖੇਪਾਂ ਫੜਨ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕੀਤੇ ਜਾਣ ਦੀਆਂ ਮਿਸਾਲਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਨਸ਼ਿਆਂ ਦੇ ਸਰੋਤਾਂ, ਸਪਲਾਇਰਾਂ, ਵੰਡ ਕਰਨ ਵਾਲਿਆਂ ਅਤੇ ਤਸਕਰਾਂ ਨੂੰ ਸੁਰੱਖਿਆ ਦੇਣ ਵਾਲਿਆਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਤੋੜਨਾ ਲਾਜ਼ਮੀ ਹੈ। ਸਿਰਫ਼ ਮੁਹਿੰਮਾਂ ਚਲਾਉਣ ਅਤੇ ਇਸ਼ਤਿਹਾਰ ਦੇਣ ਨਾਲ ਪੰਜਾਬ ਦਾ ਭਵਿੱਖ ਸੁਰੱਖਿਅਤ ਨਹੀਂ ਹੋਵੇਗਾ। ਜਦੋਂ ਤੱਕ ਨਸ਼ਿਆਂ ਦੇ ਪੂਰੇ ਤੰਤਰ ’ਤੇ ਸੱਟ ਨਹੀਂ ਮਾਰੀ ਜਾਂਦੀ, ਉਦੋਂ ਤੱਕ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਸੰਭਵ ਨਹੀਂ ਹੈ।
ਚੁਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਦੱਸਣਾ ਪਵੇਗਾ ਕਿ ਨਸ਼ਿਆਂ ਵਿਰੁੱਧ ਜੰਗ ਦੇ ਨਾਂ ’ਤੇ ਲੋਕਾਂ ਨੂੰ ਭਰੋਸੇ ਦੇਣ ਦੀ ਬਜਾਏ ਅਸਲ ਨਤੀਜੇ ਕਦੋਂ ਸਾਹਮਣੇ ਆਉਣਗੇ। ਕਾਨੂੰਨ ਦਾ ਰਾਜ ਸਥਾਪਤ ਕਰਨਾ, ਨਸ਼ਾ ਤਸਕਰਾਂ ਨੂੰ ਜੇਲ੍ਹਾਂ ਤੱਕ ਪਹੁੰਚਾਉਣਾ ਅਤੇ ਸਿਆਸੀ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਮਿਤ ਸ਼ਾਹ ਦਾ ਪੰਜਾਬ ਦੌਰਾ ਇਸ ਦਿਸ਼ਾ ਵਿੱਚ ਨਿਰਣਾਇਕ ਕਦਮ ਚੁੱਕਣ ਦੀ ਲੋੜ ਨੂੰ ਉਜਾਗਰ ਕਰਦਾ ਹੈ। ਪੰਜਾਬ ਨੂੰ ਨਸ਼ਿਆਂ, ਡਰ ਅਤੇ ਗੈਂਗਸਟਰਵਾਦ ਤੋਂ ਮੁਕਤ ਕਰਨਾ ਹੀ ਸੂਬੇ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰਾਖੀ ਦਾ ਰਸਤਾ ਹੈ।