ਸੰਗਰੂਰ ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, PRTC ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ’ਚ ਪਲਟੀ, ਤਿੰਨ ਦੀ ਮੌਤ
Sangrur Bus Accident News: ਸੰਗਰੂਰ ਤੋਂ ਸਵੇਰੇ ਸਵਾਰੀਆਂ ਲੈ ਕੇ ਰਵਾਨਾ ਹੋਈ ਪੀਆਰਟੀਸੀ ਦੀ ਇੱਕ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।
Sangrur Bus Accident News: ਸੰਗਰੂਰ ਤੋਂ ਸਵੇਰੇ ਸਵਾਰੀਆਂ ਲੈ ਕੇ ਰਵਾਨਾ ਹੋਈ ਪੀਆਰਟੀਸੀ ਦੀ ਇੱਕ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਬ੍ਰਿਜ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਪੁਲ ਨਾਲ ਟਕਰਾ ਗਈ ਅਤੇ ਸੜਕ ਕਿਨਾਰੇ ਖੇਤਾਂ ਵਿੱਚ ਜਾ ਉਤਰੀ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿੱਥੋਂ 10 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਬਾਕੀ ਜ਼ਖ਼ਮੀਆਂ ਦਾ ਇਲਾਜ ਸਥਾਨਕ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ, ਪੀਆਰਟੀਸੀ ਦੀ ਇਹ ਬੱਸ ਸਵੇਰੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਰਸਤੇ ਵਿੱਚ ਓਵਰਬ੍ਰਿਜ ਨੇੜੇ ਬੱਸ ਅਚਾਨਕ ਚਾਲਕ ਦੇ ਕਾਬੂ ਤੋਂ ਬਾਹਰ ਹੋ ਗਈ। ਪਹਿਲਾਂ ਬੱਸ ਓਵਰਬ੍ਰਿਜ ਨਾਲ ਟਕਰਾਈ ਅਤੇ ਇਸ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰਵਾਇਆ। ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਪੀਆਰਟੀਸੀ ਦੀ ਸੀ ਅਤੇ ਸਵੇਰੇ ਬੱਸ ਵਿੱਚ ਕਾਫ਼ੀ ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉੱਧਰ, ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀਆਂ ਲਾਸ਼ਾਂ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ ਬਿਹਤਰ ਇਲਾਜ ਲਈ 108 ਐਂਬੂਲੈਂਸ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ। ਇਸ ਸਬੰਧੀ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਬਾਕੀ 11 ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਜਾਰੀ ਹੈ। ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।