HSGMC ਨੂੰ ਮਿਲਿਆ ਨਵਾਂ ਪ੍ਰਧਾਨ; ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੂੰ ਦਿੱਤਾ ਪ੍ਰਧਾਨ ਦਾ ਵਾਧੂ ਚਾਰਜ

By  Shameela Khan September 7th 2023 09:42 AM -- Updated: September 7th 2023 01:22 PM

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ (HSGMC) ਐਡਹਾਕ ਕਮੇਟੀ ਵਿਵਾਦ ਦਰਮਿਆਨ ਹਰਿਆਣਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਕਮੇਟੀ ਵਿੱਚ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਅਤੇ ਨਾਲ਼ ਹੀ ਕਾਰਜਕਾਰਨੀ ਮੈਂਬਰ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਦੋਵੇਂ ਨਵ-ਨਿਯੁਕਤ ਅਧਿਕਾਰੀ ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿੱਖੇ ਅਰਦਾਸ ਕਰਨਗੇ ਅਤੇ ਆਪਣੀ-ਆਪਣੀ ਜ਼ਿੰਮੇਵਾਰੀ ਸੰਭਾਲਣਗੇ। ਦੋਵੇਂ ਨਿਯੁਕਤੀਆਂ ਹਰਿਆਣਾ ਸਰਕਾਰ ਵੱਲੋਂ ਚੋਣਾਂ ਤੱਕ ਕੀਤੀਆਂ ਗਈਆਂ ਹਨ।



14 ਅਗਸਤ ਨੂੰ ਅੰਬਾਲਾ ਦੇ ਸ੍ਰੀ ਪੰਜੋਖ਼ੜਾ ਸਾਹਿਬ ਗੁਰਦੁਆਰੇ ਵਿੱਚ ਮੀਟਿੰਗ ਦੌਰਾਨ ਹੋਏ ਵਿਵਾਦ ਕਾਰਨ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਪ੍ਰਧਾਨ ਅਤੇ ਜਨਰਲ ਸਕੱਤਰ ਬਣਨ ਲਈ ਕਈ ਲੋਕ ਸਰਗਰਮ ਹੋ ਗਏ ਅਤੇ ਵੱਧਦੇ ਵਿਵਾਦ ਦੇ ਮੱਦੇਨਜ਼ਰ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ।



ਨਵੀਂ ਨਿਯੁਕਤੀ ਤੋਂ ਬਾਅਦ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਪ੍ਰਧਾਨ ਅਤੇ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹ ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁੱਜਣਗੇ। ਜਿੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਣਗੇ ਅਤੇ ਅਰਦਾਸ ਕਰਕੇ ਜ਼ਿੰਮੇਵਾਰੀ ਸੰਭਾਲਣਗੇ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸ੍ਰੀ ਪੰਜੋਖ਼ੜਾ ਸਾਹਿਬ ਵਿੱਖੇ ਹੋਏ ਵਿਵਾਦ ਦੀ ਜਾਂਚ ਅੱਜ 7 ਸਤੰਬਰ ਨੂੰ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਜਾਂਚ ਲਈ ਪਹੁੰਚੇਗੀ। ਇਸ ਲਈ ਸਾਰੇ ਮੈਂਬਰਾਂ ਨੂੰ ਵੀ ਬੁਲਾਇਆ ਗਿਆ ਹੈ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫ਼ੈਸਲਾ ਲਿਆ ਜਾਣਾ ਹੈ। ਕਮੇਟੀ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਇਸ ਝਗੜੇ ਸਬੰਧੀ ਸ਼ਿਕਾਇਤ ਦੇ ਕੇ ਜਾਂਚ ਦੀ ਮੰਗ ਵੀ ਕੀਤੀ ਸੀ। ਬਾਅਦ ਵਿੱਚ ਦੋਵਾਂ ਨੇ ਵੀ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।





Related Post