ਜੇਕਰ ਤੁਸੀਂ ਵੀ ਨਵੇਂ ਸਾਲ ਮੌਕੇ ਜਾ ਰਹੇ ਹੋ ਹਿਮਾਚਲ ਤਾਂ ਇਹ ਖ਼ਬਰ ਹੈ ਤੁਹਾਡੇ ਲਈ

By  Pardeep Singh December 27th 2022 04:10 PM

IMD Snowfall, Rain Prediction:  ਭਾਰਤੀ ਮੌਸਮ ਵਿਭਾਗ (ਆਈਐਮਡੀ) ਵੱਲੋਂ 29 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਪੰਜ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕਰਨ ਦੇ ਨਾਲ, ਵੱਡੀ ਗਿਣਤੀ ਵਿੱਚ ਸੈਲਾਨੀ ਪਹਾੜੀ ਰਾਜ ਵੱਲ ਦੌੜ ਰਹੇ ਹਨ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਨਵੇਂ ਸਾਲ ਦੇ ਮੌਕੇ 'ਤੇ ਪਹਾੜਾਂ 'ਤੇ ਬਰਫਬਾਰੀ ਦੇਖਣ ਨੂੰ ਮਿਲੇਗੀ।

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦੇ ਪ੍ਰਮੁੱਖ ਸੈਰ ਸਪਾਟਾ ਸਥਾਨਾਂ ਵਾਲੇ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ ਚੰਬਾ, ਕਿਨੌਰ, ਲਾਹੌਲ-ਸਪੀਤੀ, ਕੁੱਲੂ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ 29 ਦਸੰਬਰ ਤੋਂ ਬਾਅਦ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। 

ਚੰਡੀਗੜ੍ਹ ਵਿੱਚ ਮੀਂਹ

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ  31 ਦਸੰਬਰ ਨੂੰ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਜੇਕਰ ਅੱਜ ਭਾਵ 26 ਦਸੰਬਰ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਰਿਕਾਰਡ ਕੀਤਾ ਜਾ ਸਕਦਾ ਹੈ।

ਕਸ਼ਮੀਰ ਵਿੱਚ ਮਾਇਨਸ ਤਾਪਮਾਨ

ਅੱਜ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ -3.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ -5.7 ਡਿਗਰੀ ਦਰਜ ਕੀਤਾ ਗਿਆ। ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ -3.5 ਡਿਗਰੀ ਦਰਜ ਕੀਤਾ ਗਿਆ। ਕਸ਼ਮੀਰ ਵਿੱਚ ਚਿੱਲਾ-ਕਲਾਂ ਦਾ ਸੀਜ਼ਨ ਚੱਲ ਰਿਹਾ ਹੈ। 21 ਦਸੰਬਰ ਤੋਂ ਸ਼ੁਰੂ ਹੋਣ ਵਾਲਾ ਇਹ ਸੀਜ਼ਨ 31 ਜਨਵਰੀ ਨੂੰ ਖਤਮ ਹੋਵੇਗਾ। ਇਹ 40 ਦਿਨ ਜੰਮੂ-ਕਸ਼ਮੀਰ ਅਤੇ ਲੱਦਾਖ ਖੇਤਰ ਦੇ ਸਭ ਤੋਂ ਠੰਡੇ ਦਿਨਾਂ ਵਿੱਚ ਗਿਣੇ ਜਾਂਦੇ ਹਨ।

Related Post