ਐਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ 'ਚ ਉੱਠੇ ਅਹਿਮ ਮਸਲੇ

By  Ravinder Singh December 10th 2022 08:45 AM -- Updated: December 10th 2022 08:46 AM

ਬਠਿੰਡਾ : ਮਾਲਵੇ ਅੰਦਰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਪੇਸ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੀ ਇੱਕ ਅਹਿਮ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਇਸ ਵਿਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਆਗੂਆਂ ਤੋਂ ਇਲਾਵਾ ਮਾਲਵੇ ਦੇ ਸਮੂਹ ਪ੍ਰਚਾਰਕਾਂ, ਕਥਾ ਵਾਚਕ ਢਾਡੀ ਕਵੀਸ਼ਰ ਨੇ ਸ਼ਿਰਕਤ ਕੀਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਪੰਥ ਨੂੰ ਬਹੁਤ ਸਾਰੀਆਂ ਚੁਣੌਤੀਆਂ ਹੋਣ ਦੇ ਨਾਲ ਨਾਲ ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਉਤੇ ਚਿੰਤਾ ਜ਼ਾਹਿਰ ਕੀਤੀ।



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਤੇਜ਼ ਕਰਨ ਲਈ 3 ਜ਼ੋਨਾਂ ਵਿਚ ਵੰਡ ਕੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਿੱਖੀ ਪ੍ਰਚਾਰ ਲਈ ਇਨ੍ਹਾਂ ਤਿੰਨ ਖੇਤਰਾਂ ਵਿੱਚ ਵੱਖਰੇ ਵੱਖਰੇ ਰੂਪ ਵਿੱਚ ਧਰਮ ਪ੍ਰਚਾਰ ਲਹਿਰ ਆਉਣ ਵਾਲੇ ਸਮੇਂ ਵਿਚ ਪੇਸ਼ ਕੀਤੀ ਜਾ ਰਹੀ ਹੈ, ਜਿਸ ਸਬੰਧੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਿਹਾਇਸ਼ ਤੇ ਸਿੱਖ ਪ੍ਰਚਾਰਕ ਕਥਾਵਾਚਕ ਢਾਡੀਆਂ ਤੇ ਕਵੀਸ਼ਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਉਤੇ ਮੌਜੂਦ ਰਹੇ। ਮੀਟਿੰਗ ਦੌਰਾਨ ਧਰਮ ਪ੍ਰਚਾਰ ਮਾਲਵਾ ਜ਼ੋਨ ਇੰਚਾਰਜ ਭਾਈ ਗੁਰਪ੍ਰੀਤ ਸਿੰਘ ਝੱਬਰ ਅਤੇ ਸ਼੍ਰੋਮਣੀ ਕਮੇਟੀ ਦੇ ਆਗੂ ਰਜਿੰਦਰ ਸਿੰਘ ਮਹਿਤਾ ਤੇ ਅਵਤਾਰ ਸਿੰਘ ਵਣਵਾਲਾ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ

ਮੀਟਿੰਗ ਦੌਰਾਨ ਵੱਖ-ਵੱਖ ਪ੍ਰਚਾਰਕਾਂ ਨੇ ਸਿੱਖੀ ਪ੍ਰਚਾਰ ਤੇ ਪ੍ਰਸਾਰ ਲਈ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਾਲਸਾ ਪੰਥ ਨੂੰ ਇਸ ਮੌਕੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਅੰਦਰੋਂ ਤੇ ਬਾਹਰੋਂ ਸੰਸਥਾਵਾਂ ਨੂੰ ਖੋਰਾ ਲਗਾਇਆ ਜਾ ਰਿਹਾ ਹੈ। ਵੱਡੇ ਪੱਧਰ ਉਤੇ ਸਿੱਖ ਕੌਮ ਨੂੰ ਸੁਚੇਤ ਤੇ ਸਾਵਧਾਨ ਹੋਣ ਦੀ ਜ਼ਰੂਰਤ ਹੈ, ਜਿਸ ਲਈ ਸਿੱਖ ਪ੍ਰਚਾਰਕਾਂ ਦੀ ਬਹੁਤ ਵੱਡੀ ਜ਼ਰੂਰਤ ਹੈ। 

Related Post