Baba Bakala ਦੇ ਪਿੰਡ ਸਠਿਆਲਾ ’ਚ ਵਾਪਰੀ ਬੇਅਦਬੀ ਦੀ ਘਟਨਾ; ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਸਾਜਿਸ਼ ਹੈ, ਜਿਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

By  Aarti March 7th 2026 05:34 PM

ਪੰਜਾਬ ’ਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜਾ ਮਾਮਲਾ ਬਾਬਾ ਬਕਾਲਾ ਦੇ ਪਿੰਡ ਸਠਿਆਲਾ ’ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦੁਆਰਾ ਧੇੜੇਆਣਾ ਸਾਹਿਬ ’ਚ ਪਾਵਨ ਸਰੂਪ ਦੀ ਬੇਅਦਬੀ ਹੋਈ ਹੈ। ਮੁਲਜ਼ਮਾਂ ਵੱਲੋਂ ਗਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿਲਾਰੇ ਗਏ ਸਨ। ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ  ਮੁਲਜ਼ਮਾਂ ਨੇ ਸੀਸੀਟੀਵੀ ਕੈਮਰੇ ਦੀਆਂ ਤਾਰਾਂ ਨੂੰ ਕੱਟ ਦਿੱਤਾ ਹੈ। 

ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀ ਘਟਨਾਵਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਸਾਜਿਸ਼ ਹੈ, ਜਿਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਜਿਸ ਦੀ ਸਿੱਖ ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ।

ਐਡਵੋਕੇਟ ਧਾਮੀ ਨੇ ਸਰਕਾਰ ਨੂੰ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਾਜ਼ਮੀ ਬਨਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

ਇਹ ਵੀ ਪੜ੍ਹੋ : SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Related Post