ਭਾਰਤ ਵੱਲੋਂ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ

By  Jasmeet Singh September 20th 2023 03:40 PM -- Updated: September 20th 2023 03:51 PM

ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਭਾਰਤ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ਬਾਰੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣੀ ਚਾਹੀਦੀ ਹੈ।

ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਨਿਸ਼ਾਨੇ 'ਤੇ
ਭਾਰਤ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਦੇਖੀਆਂ ਗਈਆਂ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਬਿਆਨ ਜਾਰੀ ਕੀਤਾ ਹੈ।



ਇਹ ਵੀ ਪੜ੍ਹੋ: 10 ਨੁਕਤਿਆਂ 'ਚ ਜਾਣੋ ਭਾਰਤ ਅਤੇ ਕੈਨੇਡਾ 'ਚ ਤਲਖ਼ੀ ਦੇ ਅਸਲ ਕਾਰਨ

ਕੈਨੇਡਾ ਵੱਲੋਂ ਵੀ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਸੀ। ਇਸ ਐਡਵਾਈਜ਼ਰੀ 'ਚ ਕੈਨੇਡਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਜਾਂ ਭਾਰਤ 'ਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਅਤੇ ਉੱਤਰ ਪੂਰਬ 'ਚ ਨਾ ਜਾਣ ਲਈ ਕਿਹਾ ਸੀ। ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਸੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ 'ਚ ਅੱਤਵਾਦ, ਕੱਟੜਵਾਦ, ਅਸ਼ਾਂਤੀ ਅਤੇ ਅਗਵਾ ਦਾ ਖ਼ਤਰਾ ਹੈ।


ਭਾਰਤ ਅਤੇ ਕੈਨੇਡਾ ਦਰਮਿਆਨ ਵਧਿਆ ਤਣਾਅ

  • ਭਾਰਤ ਵੱਲੋਂ ਕੈਨੇਡਾ 'ਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ
  • ਭਾਰਤੀ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਦਿੱਤੀ ਸਲਾਹ 
  • ਖਾਸ ਖੇਤਰਾਂ ਤੇ ਸੰਭਾਵੀ ਸਥਾਨਾਂ ਦੀ ਯਾਤਰਾ ਕਰਨ ਤੋਂ ਰੱਖਣ ਪਰਹੇਜ਼
  • ਭਾਰਤੀ ਵਿਦਿਆਰਥੀਆਂ ਨੂੰ ਸਾਵਧਾਨ ਅਤੇ ਸੁਚੇਤ ਰਹਿਣ ਦੀ ਅਪੀਲ
  • ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ madad.gov.in ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ




ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਕਿਉਂ?
ਦਰਅਸਲ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਵਿੱਚ ਆਪਣੇ ਸੰਬੋਧਨ ਵਿੱਚ ਭਾਰਤ 'ਤੇ ਦੋਸ਼ ਲਗਾਇਆ ਸੀ ਕਿ ਕੈਨੇਡੀਅਨ ਨਾਗਰਿਕ ਹਰਦੀਪ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਦੀ ਸ਼ਮੂਲੀਅਤ ਦੀ ਕੈਨੇਡੀਅਨ ਸੁਰੱਖਿਆ ਏਜੰਸੀਆਂ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। 

ਹਾਲਾਂਕਿ ਟਰੂਡੋ ਦੇ ਕਥਿਤ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ। ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸ਼ੁਭ ਨੂੰ ਆਪਣੇ ਭਾਰਤ ਟੂਰ ਤੋਂ ਪਹਿਲਾਂ ਕਿਉਂ ਕਰਨਾ ਪੈ ਰਿਹਾ ਵਿਰੋਧ ਦਾ ਸਾਹਮਣਾ? ਇੱਥੇ ਜਾਣੋ

Related Post