ਗੁਰੂ ਚੇਲੇ ਦੇ ਰਿਸ਼ਤੇ ਕੀਤੇ ਤਾਰ-ਤਾਰ : ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਪ੍ਰੋਫੈਸਰਾਂ ਖ਼ਿਲਾਫ਼ ਜਾਂਚ ਸ਼ੁਰੂ

By  Ravinder Singh December 3rd 2022 03:00 PM

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਖੇਤੀਬਾੜੀ 'ਵਰਸਿਟੀ ਦੇ ਪ੍ਰੋਫੈਸਰ ਨੂੰ ਵਿਦਿਆਰਥੀ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਮਗੋਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੋਫੈਸਰ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਿਜ਼ ਐਂਡ ਟੈਕਨਾਲੋਜੀ 'ਚ ਮੁਜ਼ਾਹਰੇ ਮਗਰੋਂ ਅਧਿਕਾਰੀਆਂ ਨੇ ਮੁਲਜ਼ਮ ਨੂੰ ਮੁਅੱਤਲ ਕਰ ਦਿੱਤਾ ਤੇ ਉਸ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ।

ਉੱਤਰੀ ਕਸ਼ਮੀਰ ਦੀ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ (ਐਸਸੀਓਐਸਟੀ), ਸੋਪੋਰ (ਵਡੁਰਾ) 'ਚ ਇਕ ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ 'ਚ ਸ਼ਾਮ ਨੂੰ ਵਿਦਿਆਰਥੀਆਂ ਨੇ ਮੁਜ਼ਾਹਰਾ ਕੀਤਾ। ਇਸ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੇ ਜਾਂਚ ਪੂਰੀ ਹੋਣ ਤੱਕ ਮੁਲਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ।ਪੀੜਤ ਵਿਦਿਆਰਥਣ ਨੇ ਖੇਤੀਬਾੜੀ ਵਿਭਾਗ ਦੇ ਚੇਅਰਮੈਨ ਡਾਕਟਰ ਮੁਸ਼ਤਾਕ ਅਹਿਮਦ ਡਾਰ 'ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ। SCOST ਦੀ ਡੀਨ ਰੇਹਾਨਾ ਹਬੀਬ ਕਾਂਤ ਮੁਤਾਬਕ ਵਿਦਿਆਰਥਣ ਨੇ ਖੇਤੀਬਾੜੀ ਵਿਭਾਗ ਦੇ ਚੇਅਰਮੈਨ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਿੱਤੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਜਾਂਚ ਪੂਰੀ ਹੋਣ ਤੱਕ ਤਨਖ਼ਾਹ ਰੋਕ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਬਾਬਾ ਵੇਂਗਾ ਦੀਆਂ 2023 ਲਈ ਖਤਰਨਾਕ ਭਵਿੱਖਬਾਣੀਆਂ

ਇਸ ਤੋਂ ਇਲਾਵਾ ਯੂਨੀਵਰਸਿਟੀ ਆਫ਼ ਹੈਦਰਾਬਾਦ 'ਚ ਵਿਦੇਸ਼ੀ ਵਿਦਿਆਰਥਣ ਨੇ ਦੋਸ਼ ਲਗਾਇਆ ਹੈ ਕਿ ਪ੍ਰੋਫੈਸਰ ਨੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਜੋ ਥਾਈਲੈਂਡ ਦੀ ਹੈ, ਨੇ ਸਾਈਬਰਾਬਾਦ ਪੁਲਿਸ ਕਮਿਸ਼ਨਰੇਟ ਦੇ ਅਧੀਨ ਗਾਚੀਬਾਵਲੀ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਹਿੰਦੀ ਵਿਭਾਗ ਦੇ 69 ਸਾਲਾ ਪ੍ਰੋਫੈਸਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 23 ਸਾਲਾ ਪੀੜਤਾ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਨੇ ਉਸ ਨੂੰ ਆਪਣੇ ਦਫ਼ਤਰ ਬੁਲਾਇਆ ਤੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਉਹ ਭੱਜਣ ਵਿੱਚ ਕਾਮਯਾਬ ਹੋ ਗਈ।

Related Post