Amritsar ਪੁਲਿਸ ਨੇ ISI ਨਾਲ ਜੁੜਿਆ ਦਹਿਸ਼ਤਗਰਦੀ ਮੋਡੀਊਲ ਦਾ ਕੀਤਾ ਪਰਦਾਫਾਸ਼, 2 ਕਾਬੂ

ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣਾ ਘਰਿੰਡਾ ਦੇ ਮੁੱਖ ਅਫਸਰ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗਰੁੱਪ ਵੱਲੋਂ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਕਰਨ ਲਈ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਗਈ ਹੈ।

By  Aarti March 14th 2026 03:51 PM

ਪੰਜਾਬ ਵਿੱਚ ਵਿਦੇਸ਼ੀ ਹੈਂਡਲਰਾਂ ਵੱਲੋਂ ਰਚੀ ਗਈ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਦਹਿਸ਼ਤਗਰਦੀ ਅਤੇ ਸਰਹੱਦ ਪਾਰ ਹਥਿਆਰ ਤਸਕਰੀ ਮੋਡੀਊਲ ਦਾ ਭੰਡਾਫੋੜ ਕੀਤਾ ਹੈ ਅਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣਾ ਘਰਿੰਡਾ ਦੇ ਮੁੱਖ ਅਫਸਰ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗਰੁੱਪ ਵੱਲੋਂ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਕਰਨ ਲਈ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਗਈ ਹੈ।

ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਐਸ.ਪੀ. ਡੀ ਅਦਿਤਿਆ ਵਾਰਿਅਰ ਦੀ ਨਿਗਰਾਨੀ ਹੇਠ  ਸਾਂਝਾ ਓਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪਿੰਡ ਮਾਹਵਾ (ਥਾਣਾ ਘਰਿੰਡਾ) ਇਲਾਕੇ ਵਿੱਚ ਛਾਪੇਮਾਰੀ ਕਰਕੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ।

ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 1 AK-47 ਅਸਾਲਟ ਰਾਈਫਲ, 2 ਮੈਗਜ਼ੀਨ, 36 ਜਿੰਦਾ ਰਾਊਂਡ, 3 ਆਧੁਨਿਕ 9mm ਗਲੋਕ ਪਿਸਤੌਲ ਅਤੇ 4 ਮੈਗਜ਼ੀਨ ਸਮੇਤ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਸਨ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਵੱਲੋਂ ਇਸ ਪੂਰੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਪੁਲਿਸ ਦੇ ਮੁਤਾਬਕ ਇਹ ਹਥਿਆਰ ਗੁਰਦਾਸਪੁਰ ਭੇਜੇ ਜਾਣੇ ਸਨ, ਜਿੱਥੇ ਇੱਕ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾਕੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਐਸ.ਐਸ.ਪੀ. ਸੋਹੇਲ ਮੀਰ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮੋਡੀਊਲ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

Related Post