ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ- ਗਿਆਨੀ ਹਰਪ੍ਰੀਤ ਸਿੰਘ

ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ।

By  Amritpal Singh May 5th 2023 07:03 PM -- Updated: May 5th 2023 07:04 PM

Punjab News: ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਇਹ ਸਮਾਗਮ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਭਰਵੀਂ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਸਿੱਖ ਪੰਥ ਦੇ ਵੱਡੇ ਨਾਇਕ ਸਨ, ਜਿਨ੍ਹਾਂ ਨੇ ਪੰਥ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਵਿਚ ਸਰਦਾਰ ਜੱਸਾ ਸਿੰਘ ਦਾ ਉੱਘੜਵਾਂ ਸਥਾਨ ਹੈ ਅਤੇ ਉਨ੍ਹਾਂ ਦਾ ਜੀਵਨ ਮੌਜੂਦਾ ਸਮੇਂ ਪੰਥ ਲਈ ਪ੍ਰੇਰਣਾ ਸਰੋਤ ਵੱਜੋਂ ਵੀ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਨੂੰ ਵੱਡੀਆਂ ਵੰਗਾਰਾਂ ਪੇਸ਼ ਹਨ ਤਾਂ ਇਸ ਮੌਕੇ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈਣ ਦੀ ਲੋੜ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ ਹੈ। ਸਿੱਖ ਹੋਂਦ, ਨਿਆਰਾਪਨ, ਸਿਧਾਂਤ, ਮਰਯਾਦਾ ਦੀ ਸਲਾਮਤੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਆਪਸੀ ਮਤਭੇਦ ਅਤੇ ਮੁਫਾਦਾਂ ਨੂੰ ਤਿਆਗਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੌਮ ਇਕੱਠੀ ਰਹੇਗੀ ਤਾਂ ਵੰਗਾਰਾਂ ਅਤੇ ਚੁਣੌਤੀਆਂ ਕੁਝ ਨਹੀਂ ਵਿਗਾੜ ਸਕਣਗੀਆਂ। ਗਿਆਨੀ ਹਰਪ੍ਰੀਤ ਸਿੰਘ ਨੇ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਮਾਗਮਾਂ ਨੂੰ ਪੰਥਕ ਜਾਹੋ-ਜਲਾਲ ਅਤੇ ਨੌਜੁਆਨੀ ਨੂੰ ਵਿਰਸੇ ਨਾਲ ਜੋੜਨ ਲਈ ਅਹਿਮ ਕਰਾਰ ਦਿੱਤਾ।

ਸ਼ਤਾਬਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੀ ਹੱਕ, ਸੱਚ ਦੀ ਪਹਿਰੇਦਾਰ ਰਹੀ ਹੈ ਅਤੇ ਪੁਰਾਤਨ ਸਿੱਖ ਯੋਧਿਆਂ ਦਾ ਜੀਵਨ ਅਗਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ ਵੀ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਮਿਆਂ ਅੰਦਰ ਗੁਰੂ ਦੇ ਸਿੱਖਾਂ ’ਚ ਜੇਕਰ ਮਨ ਮੁਟਾਵ ਵੀ ਹੁੰਦੇ ਸਨ ਤਾਂ ਉਹ ਆਪਸੀ ਮਿਲਵਰਤਨ ਅਤੇ ਸਦਭਾਵਨਾ ਨਾਲ ਹੱਲ ਕਰ ਲੈਂਦੇ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਖਾਲਸਾ ਪੰਥ ਨੂੰ ਪੁਰਾਣੀਆਂ ਰਵਾਇਤਾਂ ਅਨੁਸਾਰ ਜੁੜ ਬੈਠਣ ਦੀ ਲੋੜ ਹੈ, ਤਾਂ ਜੋ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਇਕਜੁਟਤਾ ਨਾਲ ਨਜਿੱਠਿਆ ਜਾ ਸਕੇ। ਐਡਵੋਕੇਟ ਧਾਮੀ ਨੇ ਜਿਥੇ ਸਮਾਗਮ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਹੀ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੀ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਭਾਈਚਾਰੇ ਵੱਲੋਂ ਸ਼ਤਾਬਦੀ ਸਮਾਗਮਾਂ ਦੌਰਾਨ ਦਿੱਤੇ ਸਹਿਯੋਗ ਲਈ ਵੀ ਵਿਸ਼ੇਸ਼ ਧੰਨਵਾਦੀ ਸ਼ਬਦ ਕਹੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਕਿਹਾ ਕਿ ਅੱਜ ਕਈ ਤਾਕਤਾਂ ਸਿੱਖ ਸ਼ਕਤੀ ਨੂੰ ਵੰਡਣ ਲਈ ਲੱਗੀਆਂ ਹੋਈਆਂ ਹਨ, ਜਿਨ੍ਹਾਂ ਦਾ ਟਾਕਰਾ ਕਰਨ ਲਈ ਪੰਥ ਦੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਥ ਦੀਆਂ ਸੰਸਥਾਵਾਂ ਦੀ ਸ਼ਕਤੀ ਹੀ ਦੇਸ਼ ਦੁਨੀਆਂ ’ਚ ਬੈਠੇ ਸਿੱਖਾਂ ਦੀ ਤਾਕਤ ਹੋ ਸਕਦੀ ਹੈ। ਜੇਕਰ ਸੰਸਥਾਵਾਂ ਮਜ਼ਬੂਤ ਹੋਣਗੀਆਂ ਤਾਂ ਸਿੱਖਾਂ ਦੇ ਮਸਲੇ ਅਸਾਨੀ ਨਾਲ ਹੱਲ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਸ਼ਤਾਬਦੀਆਂ ਮਨਾਉਣ ਸਮੇਂ ਸਾਨੂੰ ਆਪਣੀ ਕੌਮ ਅਤੇ ਵਡੇਰਿਆਂ ਦੇ ਇਤਿਹਾਸ ਤੋਂ ਪ੍ਰੇਰਣਾ ਦਾ ਮੌਕਾ ਮਿਲਦਾ ਹੈ ਅਤੇ ਇਹ ਦਿਹਾੜੇ ਸਿੱਖ ਜੀਵਨ ਜਾਚ ਦੇ ਅਗਲੇ ਪੜਾਵਾਂ ਵਿਚ ਪ੍ਰੇਰਣਾ ਸਰੋਤ ਸਾਬਤ ਹੁੰਦੇ ਹਨ। ਸ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਪੰਥਕ ਕਾਰਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਸਿੱਖ ਵਿਰਾਸਤਾਂ ਅਕਾਲੀ ਸਰਕਾਰ ਦੀ ਹੀ ਦੇਣ ਹਨ। ਸਿੱਖ ਧਰਮ ਇਤਿਹਾਸ ਨਾਲ ਸਬੰਧਤ ਵੱਖ-ਵੱਖ ਯਾਦਗਾਰਾਂ ਕਾਇਮ ਕਰਨੀਆਂ ਅਤੇ ਸਿੱਖ ਵਿਰਾਸਤ ਨੂੰ ਸੰਭਾਲਣਾ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਪਹਿਲ ਰਹੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ ਜੀਵਨ ਵਿੱਚੋਂ ਪੰਥਕ ਭਲਾਈ ਦੇ ਗੁਣ ਗ੍ਰਹਿਣ ਕਰਨ, ਤਾਂ ਜੋ ਸਿੱਖ ਕੌਮ ਹਮੇਸ਼ਾ ਚੜ੍ਹਦੀ ਕਲਾ ਵਿਚ ਰਹੇ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਤਰਨ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਤੇ ਸ. ਮਨਜੀਤ ਸਿੰਘ ਜੀਕੇ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ, ਕਵੀਸ਼ਰ ਜਥਿਆਂ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਦੇਣ ਨੂੰ ਵਾਰਾਂ ਰਾਹੀਂ ਪੇਸ਼ ਕੀਤਾ। 300 ਸਾਲਾ ਜਨਮ ਸ਼ਤਾਬਦੀ ਅੱਜ ਸਵੇਰੇ ਬੁੰਗਾ ਰਾਮਗੜ੍ਹੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬੁੰਗੇ ਦੀ ਲੋੜੀਂਦੀ ਸਾਂਭ-ਸੰਭਾਲ ਅਤੇ ਨਵੀਨੀਕਰਨ ਦੀ ਸੇਵਾ ਉਪਰੰਤ ਇਸ ਦਾ ਰਸਮੀ ਤੌਰ ’ਤੇ ਉਦਘਾਟਨ ਵੀ ਕੀਤਾ ਗਿਆ। ਸ਼ਤਾਬਦੀ ਸਮਾਗਮਾਂ ਦੌਰਾਨ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਇਤਿਹਾਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਬਹੁਭਾਸ਼ਾਈ ਕਿਤਾਬਚੇ ਵੀ ਜਾਰੀ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਬੁੰਗਾ ਰਾਮਗੜ੍ਹੀਆ ਵਿਖੇ ਲਗਾਈ ਗਈ ਚਿਤਰਪ੍ਰਦਰਸ਼ਨੀ ਵੀ ਸੰਗਤ ਲਈ ਖਿੱਚ ਦਾ ਕੇਂਦਰ ਰਹੀ।

Related Post