ITBP ਦੇ ਡੀਆਈਜੀ ਪਰਮਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ; ਨਮ ਅੱਖਾਂ ਨਾਲ ਦੋਵੇਂ ਪੁੱਤਰਾਂ ਨੇ ਦਿੱਤੀ ਚਿਖਾ ਨੂੰ ਅਗਨੀ
DIG Parminder Singh cremated : ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਦੋਵੇਂ ਪੁੱਤਰਾਂ ਨੇ ਨਮ ਅੱਖਾਂ ਨਾਲ ਅਗਨੀ ਦਿੱਤੀ। ਇਸ ਮੌਕੇ ਦਾ ਮਾਹੌਲ ਬੇਹੱਦ ਗਮਗੀਨ ਸੀ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਦੀਆਂ ਅੱਖਾਂ ਨਮ ਸਨ।
DIG Parminder Singh cremated : ਸ੍ਰੀ ਆਨੰਦਪੁਰ ਸਾਹਿਬ ’ਚ ਸਹਾਰਨਪੁਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਡੀਆਈਜੀ ਪਰਮਿੰਦਰ ਸਿੰਘ, ਜੋ ਸ੍ਰੀ ਆਨੰਦਪੁਰ ਸਾਹਿਬ ਦੇ ਮੂਲ ਨਿਵਾਸੀ ਸਨ, ਦਾ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਦੋਵੇਂ ਪੁੱਤਰਾਂ ਨੇ ਨਮ ਅੱਖਾਂ ਨਾਲ ਅਗਨੀ ਦਿੱਤੀ। ਇਸ ਮੌਕੇ ਦਾ ਮਾਹੌਲ ਬੇਹੱਦ ਗਮਗੀਨ ਸੀ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਦੀਆਂ ਅੱਖਾਂ ਨਮ ਸਨ।
ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ
ਅੰਤਿਮ ਸਸਕਾਰ ਤੋਂ ਪਹਿਲਾਂ ਆਈਟੀਬੀਪੀ ਦੇ ਜਵਾਨਾਂ ਵੱਲੋਂ ਡੀਆਈਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਤਿਰੰਗੇ ਵਿੱਚ ਲਿਪਟੀ ਉਨ੍ਹਾਂ ਦੀ ਦੇਹ ਤੋਂ ਪੂਰੇ ਸਰਕਾਰੀ ਸਨਮਾਨ ਨਾਲ ਤਿਰੰਗਾ ਉਤਾਰ ਕੇ ਉਨ੍ਹਾਂ ਦੀ ਧਰਮ ਪਤਨੀ ਦੇ ਹਵਾਲੇ ਕੀਤਾ ਗਿਆ। ਇਸ ਉਪਰੰਤ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਰਸਮਾਂ ਨਿਭਾਈਆਂ ਗਈਆਂ
ਪੋਸਟਮਾਰਟਮ ਉਪਰੰਤ ਡੀਆਈਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਅੰਬਾਲਾ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਅੱਜ ਸਵੇਰੇ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਬਾਲਾ ਤੋਂ ਚੰਡੀਗੜ੍ਹ ਅਤੇ ਫਿਰ ਚੰਡੀਗੜ੍ਹ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ ਗਿਆ। ਇੱਥੇ ਕੁਝ ਸਮੇਂ ਲਈ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਘਰ ਵਿਖੇ ਰੱਖਿਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਰਸਮਾਂ ਨਿਭਾਈਆਂ ਗਈਆਂ।
ਲੋਕਾਂ ਵੱਲੋਂ ਲਗਾਏ ਗਏ ‘ਪਰਮਿੰਦਰ ਸਿੰਘ ਅਮਰ ਰਹੇ’ ਦੇ ਨਾਅਰੇ
ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਦਾ ਕਾਫ਼ਲਾ ‘ਪਰਮਿੰਦਰ ਸਿੰਘ ਅਮਰ ਰਹੇ’ ਦੇ ਨਾਅਰੇ ਲਗਾਉਂਦਾ ਹੋਇਆ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੂਰੇ ਮਾਣ-ਸਨਮਾਨ ਨਾਲ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਲੈ ਕੇ ਪਹੁੰਚਿਆ। ਇਸ ਮੌਕੇ ਆਈਟੀਬੀਪੀ ਦੇ ਆਈਜੀ ਰੈਂਕ ਦੇ ਉੱਚ ਅਧਿਕਾਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਡੀਆਈਜੀ ਪਰਮਿੰਦਰ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
ਇਸ ਮੌਕੇ ਲੋਕਾਂ ਨੇ ਕਿਹਾ ਕਿ ਡੀਆਈਜੀ ਪਰਮਿੰਦਰ ਸਿੰਘ ਦੀ ਬੇਵਕਤੀ ਮੌਤ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਬਚਪਨ ਤੋਂ ਹੀ ਮਿਲਣਸਾਰ ਅਤੇ ਸੁਹਿਰਦ ਸੁਭਾਅ ਦੇ ਮਾਲਕ ਸਨ। ਉਹ ਹਰ ਕਿਸੇ ਦੇ ਦੁੱਖ-ਸੁੱਖ ਵਿੱਚ ਖੜ੍ਹਨ ਅਤੇ ਲੋੜਵੰਦਾਂ ਦੀ ਮਦਦ ਕਰਨ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਵਰਗੇ ਨੇਕ, ਇਮਾਨਦਾਰ ਅਤੇ ਲੋਕਾਂ ਦੇ ਕੰਮ ਆਉਣ ਵਾਲੇ ਵਿਅਕਤੀ ਦਾ ਇਸ ਤਰ੍ਹਾਂ ਅਚਾਨਕ ਸੰਸਾਰ ਤੋਂ ਚਲੇ ਜਾਣਾ ਸਮੁੱਚੇ ਸਮਾਜ ਲਈ ਵੱਡਾ ਘਾਟਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਹਾਰਨਪੁਰ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ ਆਈਟੀਬੀਪੀ ਦੇ ਡੀਆਈਜੀ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ ਸੀ। ਇਸ ਦੁਖਦਾਈ ਖ਼ਬਰ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ।
ਇਹ ਵੀ ਪੜ੍ਹੋ : Amritsar ’ਚ 27 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਨੇ ਹਸਪਤਾਲ ’ਤੇ ਲਗਾਏ ਗੰਭੀਰ ਲਾਪਰਵਾਹੀ ਦੇ ਇਲਜ਼ਾਮ