Jalandhar News : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, ਨਾਮੀ ਗੈਂਗ ਦਾ ਮੁੱਖ ਸੰਚਾਲਕ ਕਾਬੂ
Jalandhar News : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਇੱਕ ਮੁੱਖ ਸੰਚਾਲਕ ਹਿਮਾਂਸ਼ੂ ਸੂਦ ਵਾਸੀ ਫਗਵਾੜਾ ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਮੱਧ ਪ੍ਰਦੇਸ਼ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਉਸ ਤੋਂ ਜਾਣਕਾਰੀ ਪ੍ਰਾਪਤ ਕਰ ਰਹੀ ਹੈ

Jalandhar News : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਇੱਕ ਮੁੱਖ ਸੰਚਾਲਕ ਹਿਮਾਂਸ਼ੂ ਸੂਦ ਵਾਸੀ ਫਗਵਾੜਾ ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਮੱਧ ਪ੍ਰਦੇਸ਼ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਉਸ ਤੋਂ ਜਾਣਕਾਰੀ ਪ੍ਰਾਪਤ ਕਰ ਰਹੀ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਆਰੋਪੀ ਦੁਬਈ, ਯੂ.ਏ.ਈ. ਸਥਿਤ, ਨਮਿਤ ਸ਼ਰਮਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਫਿਲਹਾਲ ਮੁਲਜ਼ਮ ਤੋਂ ਉਸਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਟਾਰਗੇਟ ਕਿਲਿੰਗ ਦੀ ਬਣਾ ਰਿਹਾ ਸੀ ਯੋਜਨਾ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲ ਹੀ ਵਿੱਚ ਹਿਮਾਂਸ਼ੂ ਸੂਦ ਅਤੇ ਉਸਦੇ ਹੋਰ ਸਾਥੀਆਂ ਨੇ ਹਰਿਦੁਆਰ ਵਿੱਚ ਇੱਕ ਹੋਟਲ ਕਾਰੋਬਾਰੀ 'ਤੇ ਗੋਲੀਆਂ ਚਲਾਈਆਂ ਸਨ। ਇਹ ਹਮਲਾ ਵੀ ਨਮਿਤ ਸ਼ਰਮਾ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸਨੂੰ ਮੱਧ ਪ੍ਰਦੇਸ਼ ਅਤੇ ਕਪੂਰਥਲਾ ਵਿੱਚ ਦੋ ਹੋਰ ਲੋਕਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਨੁੱਖੀ ਖੁਫੀਆ ਜਾਣਕਾਰੀ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਸਮੇਂ ਸਿਰ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇੱਕ ਵੱਡੀ ਘਟਨਾ ਨੂੰ ਟਾਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਤਰਰਾਸ਼ਟਰੀ ਨੈੱਟਵਰਕ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਸਫਲਤਾ ਹੈ।
2 ਗੈਰ-ਕਾਨੂੰਨੀ ਪਿਸਤੌਲ ਬਰਾਮਦ
ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ .30 ਬੋਰ ਦਾ ਪੀਐਕਸ-3 ਪਿਸਤੌਲ (4 ਜ਼ਿੰਦਾ ਕਾਰਤੂਸਾਂ ਸਮੇਤ) ਅਤੇ ਇੱਕ .32 ਬੋਰ ਦਾ ਪਿਸਤੌਲ (3 ਜ਼ਿੰਦਾ ਕਾਰਤੂਸਾਂ ਸਮੇਤ) ਸ਼ਾਮਲ ਹਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਵਿਰੁੱਧ ਐਸਐਸਓਸੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਮਾਡਿਊਲ ਦੇ ਲਿੰਕਾਂ ਨੂੰ ਜੋੜਨ ਲਈ ਹੋਰ ਜਾਂਚ ਜਾਰੀ ਹੈ।