ਜ਼ੀਰਕਪੁਰ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਜਥੇਦਾਰ ਬਾਬਾ ਟੇਕ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਚ ਕੀਤੀ ਨਿੰਦਾ
Jathedar Baba Tek Singh Dhanaula : ਸਿੰਘ ਸਾਹਿਬ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਦੀ ਨਾਕਾਮੀ ਕਾਰਨ ਹੀ ਅਜਿਹੇ ਅਨਸਰਾਂ ਦੇ ਹੌਸਲੇ ਬੁਲੰਦ ਹਨ। ਜੇਕਰ ਪਿਛਲੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲੀਆਂ ਹੁੰਦੀਆਂ, ਤਾਂ ਅੱਜ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰਦਾ।
Gutka Sahib Beadbi : ਜ਼ੀਰਕਪੁਰ ਵਿਖੇ ਸੜਕ ਕਿਨਾਰੇ ਪਾਵਨ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਣ ਦੀ ਘਟਨਾ ਬੇਹੱਦ ਮੰਦਭਾਗੀ, ਦੁਖਦਾਈ ਅਤੇ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ (Jathedar Baba Tek Singh Dhanaula) ਨੇ ਇਸ ਘਟਨਾ 'ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।
ਸਿੰਘ ਸਾਹਿਬ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਗੁਰਬਾਣੀ ਸਾਡੇ ਲਈ ਜੀਵਨ-ਜੋਤ ਹੈ ਅਤੇ ਇਸ ਦੀ ਬੇਅਦਬੀ ਬਰਦਾਸ਼ਤ ਤੋਂ ਬਾਹਰ ਹੈ। ਆਏ ਦਿਨ ਪੰਜਾਬ ਦੀ ਧਰਤੀ 'ਤੇ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਦਾ ਮਕਸਦ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਹੈ।"
ਸਿੰਘ ਸਾਹਿਬ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਦੀ ਨਾਕਾਮੀ ਕਾਰਨ ਹੀ ਅਜਿਹੇ ਅਨਸਰਾਂ ਦੇ ਹੌਸਲੇ ਬੁਲੰਦ ਹਨ। ਜੇਕਰ ਪਿਛਲੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲੀਆਂ ਹੁੰਦੀਆਂ, ਤਾਂ ਅੱਜ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰਦਾ। ਜ਼ੀਰਕਪੁਰ ਪ੍ਰਸ਼ਾਸਨ ਨੂੰ ਸਖ਼ਤ ਤਾਕੀਦ ਕੀਤੀ ਜਾਂਦੀ ਹੈ ਕਿ ਸੀਸੀਟੀਵੀ ਕੈਮਰਿਆਂ ਅਤੇ ਹੋਰ ਸਬੂਤਾਂ ਰਾਹੀਂ ਤੁਰੰਤ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਸਿੰਘ ਸਾਹਿਬ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕਿਆਂ ਵਿੱਚ ਸੁਚੇਤ ਰਹਿਣ ਅਤੇ ਪਾਵਨ ਸਰੂਪਾਂ ਤੇ ਗੁਟਕਾ ਸਾਹਿਬ ਦੀ ਮਰਯਾਦਾ ਦਾ ਖ਼ੁਦ ਵੀ ਵਿਸ਼ੇਸ਼ ਧਿਆਨ ਰੱਖਣ।ਜੇਕਰ ਪ੍ਰਸ਼ਾਸਨ ਨੇ ਜਲਦ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਨਾ ਸੁੱਟਿਆ, ਤਾਂ ਸਿੱਖ ਕੌਮ ਅਗਲੇਰਾ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸਰਕਾਰ ਦੀ ਹੋਵੇਗੀ।