ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭੇਂਟ ਕੀਤੀ ਸ਼ਰਧਾਂਜਲੀ, ਆਲੇ ਦੁਆਲੇ ਪੱਬਾਂ ਅਤੇ ਕਲੱਬਾਂ ਨੂੰ ਹਟਾਉਣ ਦੀ ਕੀਤੀ ਅਪੀਲ

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਿਰਫ਼ ਸਿੱਖਾਂ ਦੇ ਹੀ ਨਹੀਂ, ਸਗੋਂ ਸਮੂਹ ਪੰਜਾਬੀਆਂ ਦੇ ਸ਼ਾਸਕ ਸਨ ਅਤੇ ਅੱਜ ਵੀ ਉਹ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ।

By  Aarti June 30th 2026 10:35 AM

ਅੰਮ੍ਰਿਤਸਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਰਾਮਬਾਗ ਸਥਿਤ ਸਮਰ ਪੈਲੇਸ ਪਹੁੰਚੇ, ਜਿੱਥੇ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਵੀ ਸ਼ਿਰਕਤ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਿਰਫ਼ ਸਿੱਖਾਂ ਦੇ ਹੀ ਨਹੀਂ, ਸਗੋਂ ਸਮੂਹ ਪੰਜਾਬੀਆਂ ਦੇ ਸ਼ਾਸਕ ਸਨ ਅਤੇ ਅੱਜ ਵੀ ਉਹ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ। ਉਨ੍ਹਾਂ ਕਿਹਾ ਕਿ 27 ਜੂਨ 1839 ਨੂੰ ਮਹਾਰਾਜਾ ਰਣਜੀਤ ਸਿੰਘ ਲਾਹੌਰ ਦੀ ਧਰਤੀ 'ਤੇ ਅਕਾਲ ਚਲਾਣਾ ਕਰ ਗਏ ਸਨ, ਪਰ ਉਨ੍ਹਾਂ ਵੱਲੋਂ ਸਥਾਪਿਤ ਨਿਆਂਪੂਰਨ ਅਤੇ ਸਰਬ ਧਰਮ ਸਤਿਕਾਰ ਵਾਲੇ ਰਾਜ ਦੀ ਮਿਸਾਲ ਅੱਜ ਵੀ ਦਿੱਤੀ ਜਾਂਦੀ ਹੈ।

ਜਥੇਦਾਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਹਰ ਰੋਜ਼ ਅੰਮ੍ਰਿਤ ਵੇਲੇ ਉੱਠ ਕੇ ਗੁਰਬਾਣੀ ਦਾ ਪਾਠ ਅਤੇ ਹੁਕਮਨਾਮਾ ਸਰਵਣ ਕਰਨ ਤੋਂ ਬਾਅਦ ਹੀ ਆਪਣੇ ਰਾਜਕਾਜ ਦੀ ਸ਼ੁਰੂਆਤ ਕਰਦੇ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਇੱਕ ਵਿਸ਼ਾਲ ਖਾਲਸਾ ਰਾਜ ਦੀ ਸਥਾਪਨਾ ਕੀਤੀ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਅਧਿਕਾਰ ਪ੍ਰਾਪਤ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੌਰਾਨ ਨਿਆਂ ਪ੍ਰਣਾਲੀ ਇੰਨੀ ਮਜ਼ਬੂਤ ਸੀ ਕਿ ਚੋਰੀ ਅਤੇ ਅਪਰਾਧ ਦੀਆਂ ਘਟਨਾਵਾਂ ਨਾ-ਮਾਤਰ ਸਨ ਅਤੇ ਉਨ੍ਹਾਂ ਦੇ ਸਮੇਂ ਵਿੱਚ ਕਿਸੇ ਨੂੰ ਵੀ ਫਾਂਸੀ ਨਹੀਂ ਦਿੱਤੀ ਗਈ।

ਗਿਆਨੀ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਤੋਂ ਮਹਾਰਾਜਾ ਰਣਜੀਤ ਸਿੰਘ ਦੇ ਮਹਿਲ ਵਿੱਚ ਉਨ੍ਹਾਂ ਦੀ ਬਰਸੀ ਮਨਾਉਣ ਦੀ ਪਰੰਪਰਾ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਅੰਮ੍ਰਿਤਸਰ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਮਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਮਹਿਲ ਦਾ ਦੌਰਾ ਕਰਨ ਅਤੇ ਆਪਣੀ ਵਿਰਾਸਤ ਨੂੰ ਜਾਣਨ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਅਤੇ ਧਾਰਮਿਕ ਵਿਰਾਸਤੀ ਸਥਾਨ ਦੇ ਆਲੇ-ਦੁਆਲੇ ਚੱਲ ਰਹੇ ਪੱਬ ਅਤੇ ਕਲੱਬ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਨਾਲ ਜੁੜੇ ਸਥਾਨਾਂ ਦੇ ਨੇੜੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਸਥਾਨਕ ਜਥੇਬੰਦੀਆਂ ਨੂੰ ਵੀ ਇਸ ਮੁੱਦੇ 'ਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ

ਜਥੇਦਾਰ ਨੇ ਅੰਤ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਅਤੇ ਸਿੱਖ ਕੌਮ ਇਕਜੁੱਟ ਹੋਣ, ਸਮਾਜ ਵਿੱਚ ਨਿਆਂ ਸਥਾਪਿਤ ਹੋਵੇ ਅਤੇ ਸਾਰੇ ਲੋਕ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ। 

ਇਹ ਵੀ ਪੜ੍ਹੋ  : Anti-sacrilege law : ਬੇਅਦਬੀ ਵਿਰੋਧੀ ਕਾਨੂੰਨ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸੇ ਸਿੱਖ ਕੌਮ ਦੇ ਇਤਰਾਜ਼, ਪੜ੍ਹੋ ਪੂਰੀ ਖ਼ਬਰ

Related Post