Kartarpur Corridor : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨੂੰ ਲੈ ਕੇ ਕੀਤੀ ਅਰਦਾਸ

Ardas for Kartarpur Corridor : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

By  KRISHAN KUMAR SHARMA September 16th 2025 07:43 PM -- Updated: September 16th 2025 08:04 PM

Jathedar Kuldeep Singh Gargajj : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Ardas for Kartarpur Corridor) ਦੇ ਨਜ਼ਦੀਕ ਪਹੁੰਚ ਕੇ ਗੁਰੂ ਸਾਹਿਬ ਦੇ ਸਨਮੁਖ ਲਾਂਘਾ ਛੇਤੀ ਖੁੱਲ੍ਹਣ, ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ਵਿੱਚੋਂ ਉਭਰਨ ਦਾ ਬਲ ਬਖ਼ਸ਼ਣ ਲਈ ਅਰਦਾਸ ਬੇਨਤੀ ਕੀਤੀ।

ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਮੂਲੀਅਤ ਕੀਤੀ।

ਉਪਰੰਤ ਜਥੇਦਾਰ ਗੜਗੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮੌਜੂਦਾ ਹਾਲਾਤ ਦੇਖਣ ਲਈ ਗਏ, ਜਿਥੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਸਨਮੁਖ ਸਿੱਖਾਂ ਦੀ ਭਾਵਨਾਵਾਂ ਅਨੁਸਾਰ ਅਰਦਾਸ ਬੇਨਤੀ ਕੀਤੀ। ਉਨ੍ਹਾਂ ਅਰਦਾਸ ਕਰਦਿਆਂ ਗੁਰੂ ਸਾਹਿਬ ਦੇ ਸਨਮੁਖ ਬੇਨਤੀ ਕੀਤੀ ਕਿ ਆਪ ਦੇ ਦਰ ਘਰ ਦੇ ਸੇਵਕ ਡੇਰਾ ਬਾਬਾ ਨਾਨਕ ਵਾਲੇ ਪਾਸੇ ਖੜ੍ਹ ਕੇ ਆਪ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਜੋਤੀ-ਜੋਤਿ ਸਮਾਏ ਸਨ ਅਤੇ ਇਸ ਦਿਨ ਵਿਸ਼ਵਭਰ ਦੀ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਤਾਂਘ ਰੱਖਦੀ ਹੈ। ਪਰੰਤੂ ਅੱਜ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਚੜ੍ਹਦੇ ਪੰਜਾਬ ਵਾਲੇ ਪਾਸਿਓਂ ਸ਼ਰਧਾਲੂ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਹੈ ਅਤੇ ਦੂਰੋਂ ਹੀ ਦਰਸ਼ਨ ਦੀਦਾਰ ਕਰ ਪਾਉਂਦੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਉੱਤੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਇਹ ਲਾਂਘਾ ਜਲਦ ਖੁੱਲ੍ਹੇ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਜਿਹੜੇ ਵੀ ਗੁਰਧਾਮਾਂ ਤੋਂ ਸਿੱਖਾਂ ਨੂੰ ਵਿਛੋੜਿਆ ਗਿਆ ਹੈ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਸਿੱਖ ਕਰ ਸਕਣ, ਸਿੱਖ ਜਥੇ ਪਹਿਲਾਂ ਦੀ ਤਰ੍ਹਾਂ ਹੀ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣ ਅਤੇ ਦੋਵੇਂ ਪਾਸੇ ਆਉਣਾ ਜਾਣਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਵਿੱਚੋਂ ਉਭਰੇ ਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ, ਇਸ ਸਬੰਧੀ ਅਰਦਾਸ ਵੀ ਕੀਤੀ ਗਈ ਹੈ।

Related Post