ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਤਲੁਜ ਫ਼ਿਲਮ ਤੇ ਪਾਬੰਦੀ ਦੀ ਕੀਤੀ ਨਿੰਦਾ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਵਿੱਚ ਵਿਚਾਰ ਦੇਣ ਦੀ ਖੁੱਲ੍ਹ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੀ ਵੱਡੇ ਪੱਧਰ ਉੱਤੇ ਹੁੰਦੀ ਹੈ ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਅਤੇ ਮਿਹਨਤ ਨਾਲ ਕਤਲ ਕੀਤੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ। ਉਨ੍ਹਾਂ ਜ਼ੋਰ ਦੇ ਕਿ ਕਿਹਾ ਅੱਜ ਜਦੋਂ ਦੇਸ਼ ਅੰਦਰ ਵੱਖ-ਵੱਖ ਭਾਈਚਾਰਿਆਂ ਖ਼ਾਸਕਰ ਬਹੁ-ਗਿਣਤੀ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮਾਂ ਅਜ਼ਾਦੀ ਨਾਲ ਦਿਖਾਈਆਂ ਜਾ ਸਕਦੀਆਂ ਹਨ ਤਾਂ ਘੱਟ-ਗਿਣਤੀ ਸਿੱਖਾਂ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮ ਦੀ ਅਵਾਜ਼ ਦਬਾਉਣਾ ਬਿਲਕੁਲ ਉਚਿਤ ਨਹੀਂ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਅਤੇ ਸਤਲੁਜ ਫ਼ਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਚ ਤੋਂ ਜਿਤਨਾ ਦੂਰ ਭੱਜਿਆ ਜਾਵੇ ਸੱਚ ਉਤਨਾ ਹੀ ਜ਼ੋਰ ਨਾਲ ਦੁਨੀਆ ਦੇ ਸਾਹਮਣੇ ਪ੍ਰਤੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਜੁਰਮ ਕਰਨ ਵਾਲਾ ਕਦੇ ਵੀ ਬਚ ਨਹੀਂ ਸਕਦਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਸਮੇਂ-ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਰਾਹੀਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਅਦਾਲਤ ਵੱਲੋਂ ਹੁਣ ਤੱਕ ਬਹੁਤ ਸਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਦੋਸ਼ੀ ਠਹਿਰਾ ਕੇ ਸਜ਼ਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਲਈ ਸਰਕਾਰ ਨੂੰ ਸਿੱਖਾਂ ਅਤੇ ਪੰਜਾਬ ਪ੍ਰਤੀ ਆਪਣੀ ਪਹੁੰਚ ਬਦਲਣ ਦੀ ਲੋੜ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਜੂਨ 1984 ਤੋਂ ਬਾਅਦ ਦੇ ਦਹਾਕੇ ਵਿੱਚ ਸਿੱਖ ਕਤਲੇਆਮ ਅਤੇ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਸੰਜੀਦਾ ਤੇ ਸੁਹਿਰਦ ਪਹੁੰਚ ਅਪਣਾਏ ਅਤੇ ਸਿੱਖਾਂ ਨੂੰ ਇਨਸਾਫ਼ ਦੇ ਕੇ ਉਨ੍ਹਾਂ ਦੇ ਅੱਲ੍ਹੇ ਜਖਮਾਂ ਉੱਤੇ ਮੱਲ੍ਹਮ ਲਗਾਏ। ਉਨ੍ਹਾਂ ਕਿਹਾ ਕਿ ਫ਼ਿਲਮ ਰਾਹੀਂ ਦੁਨੀਆ ਦੇ ਸਾਹਮਣੇ ਪੇਸ਼ ਕੀਤੀ ਜਾ ਰਹੀ ਸਿੱਖਾਂ ਵਿਰੁੱਧ ਹੋਏ ਤਸ਼ੱਦਦ ਦੀ ਕਹਾਣੀ ਨੂੰ ਰੋਕਣ ਨਾਲ ਸਿੱਖ ਮਨਾਂ ਨੂੰ ਠੇਸ ਪਹੁੰਚੀ ਹੈ।