ਜਥੇਦਾਰ ਰਘਬੀਰ ਸਿੰਘ ਦੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੂੰ ਸਖਤ ਤਾੜਨਾ, ਜਾਣੋ ਕਿਉਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ।

By  KRISHAN KUMAR SHARMA April 30th 2024 09:48 AM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਆਖ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।

ਇਸ ਖ਼ਬਰ ਨੂੰ ਪੜ੍ਹੋ: ਗੁਰੂ ਨਾਨਕ ਦੇਵ ਜੀ ਪੰਜੇ ਨਾਲ ਕਾਂਗਰਸ ਦੇ ਪੰਜੇ ਦੀ ਤੁਲਨਾ; ਰਾਜਾ ਵੜਿੰਗ ਦੀ ਪਤਨੀ ਦੀ ਵੀਡੀਓ ਵਾਇਰਲ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਪੰਜਾ ਉਸ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਅਬਦਾਲੀਆਂ ਤੋਂ ਬਾਅਦ ਸਿੱਖਾਂ ਦੀ ਭਗਤੀ-ਸ਼ਕਤੀ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤੋਪਾਂ ਤੇ ਟੈਂਕਾਂ ਦੇ ਨਾਲ ਹਮਲਾ ਕੀਤਾ ਸੀ ਅਤੇ 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਬੇਦੋਸ਼ੇ ਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਵਿਚ ਕਾਂਗਰਸ ਦਾ ਪੰਜਾ ਰੰਗਿਆ ਹੋਇਆ ਹੈ।

ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋਂ ਆਪਣੇ ਰਾਜਨੀਤਕ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰੇ। ਇਸ ਦੇ ਨਾਲ ਚਿਤਾਵਨੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿਤਾਂ ਖਾਤਰ ਕਿਸੇ ਵੀ ਰੂਪ ਵਿਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।

Related Post