ਖਾਲਸਾ ਜਮਸ਼ੇਰ ਡੇਅਰੀ ਕੰਪਲੈਕਸ ਯੂਨੀਅਨ ਨੇ ਮੇਅਰ ਵਨੀਤ ਧੀਰ ਅਤੇ ਐਮਸੀ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਕੀਤੀ ਮੁਲਾਕਾਤ
ਯੂਨੀਅਨ ਦੇ ਮੈਂਬਰਾਂ ਨੇ ਜਮਸ਼ੇਰ ਡੇਅਰੀ ਕੰਪਲੈਕਸ ਵਿੱਚ ਬਾਇਓ ਗੈਸ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
Jalandhar News: ਖਾਲਸਾ ਜਮਸ਼ੇਰ ਡੇਅਰੀ ਕੰਪਲੈਕਸ ਯੂਨੀਅਨ ਦੇ ਨੁਮਾਇੰਦਿਆਂ ਨੇ ਅੱਜ ਮੇਅਰ ਵਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਮੁਲਾਕਾਤ ਕਰਕੇ ਡੇਅਰੀ ਕੰਪਲੈਕਸ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਯੂਨੀਅਨ ਦੇ ਮੈਂਬਰਾਂ ਨੇ ਜਮਸ਼ੇਰ ਡੇਅਰੀ ਕੰਪਲੈਕਸ ਵਿੱਚ ਬਾਇਓ ਗੈਸ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਚੱਲਣ ਨਾਲ ਕੰਪਲੈਕਸ ਵਿੱਚ ਸਫ਼ਾਈ ਵਿਵਸਥਾ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਗੰਦਗੀ ਨਾਲ ਸਬੰਧਤ ਕਈ ਸਮੱਸਿਆਵਾਂ ਦਾ ਹੱਲ ਹੋਵੇਗਾ।
ਮੀਟਿੰਗ ਦੌਰਾਨ ਯੂਨੀਅਨ ਵੱਲੋਂ ਨਗਰ ਨਿਗਮ ਜਲੰਧਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਜਮਸ਼ੇਰ ਡੇਅਰੀ ਕੰਪਲੈਕਸ ਦੇ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਨੇ ਦੱਸਿਆ ਕਿ ਕੰਪਲੈਕਸ ਵਿੱਚ ਸੜਕਾਂ, ਸੀਵਰੇਜ ਅਤੇ ਸਟਰੀਟ ਲਾਈਟਾਂ ਦੇ ਵਿਕਾਸ ਲਈ 3.69 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਯੂਨੀਅਨ ਨੇ ਪਹਿਲਾਂ ਲਏ ਗਏ ਫੈਸਲੇ ਅਨੁਸਾਰ ਨਵੀਂ ਚਾਰਾ ਮੰਡੀ ਦੀ ਮੁੜ ਉਸਾਰੀ ਕਰਨ ਅਤੇ ਕੰਪਲੈਕਸ ਖੇਤਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਨਿਯੁਕਤੀ ਕਰਨ ਦੀ ਵੀ ਮੰਗ ਕੀਤੀ।
ਮੇਅਰ ਵਨੀਤ ਧੀਰ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਯੂਨੀਅਨ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਭਰੋਸਾ ਦਿਵਾਇਆ ਕਿ ਬਕਾਇਆ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇਗਾ।
ਇਸ ਮੌਕੇ ਖਾਲਸਾ ਜਮਸ਼ੇਰ ਡੇਅਰੀ ਕੰਪਲੈਕਸ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ, ਸਕੱਤਰ ਅਨੂ ਕੁਮਾਰ, ਜੋਬਨਪ੍ਰੀਤ ਸਿੰਘ, ਜੈਮਲ ਸਿੰਘ, ਅਜੈ ਕੁਮਾਰ, ਰਾਜੂ, ਸਰਵਣ ਸਿੰਘ ਸੰਘਾ, ਵਿੱਕੀ, ਸੋਨੂ ਕਲਿਆਣ, ਵਿਕਰਮ ਅਤੇ ਹੋਰ ਮੈਂਬਰ ਹਾਜ਼ਰ ਸਨ।