ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।

By  Jasmeet Singh December 29th 2022 06:40 PM -- Updated: December 29th 2022 06:42 PM

ਅੰਮ੍ਰਿਤਸਰ, 29 ਦਸੰਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।

ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।

ਸ੍ਰੀ ਹਰਿਮੰਦਰ ਸਾਹਿਬ ਤੋਂ ਆਤਿਸ਼ਬਾਜ਼ੀ ਤੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ


ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਮੌਜੂਦਾ ਸਮੇਂ ਫੈਲੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਬੱਚਿਆਂ ਨੂੰ ਦਸਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।

Related Post