Parkash Singh Badal Funeral: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਚ ਪਹੁੰਚ ਰਹੇ ਲੋਕ
Parkash Singh Badal Funeral: ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਸਸਕਾਰ ਕੀਤਾ ਜਾਵੇਗਾ।

Parkash Singh Badal Funeral: ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਸਸਕਾਰ ਕੀਤਾ ਜਾਵੇਗਾ। ਅੰਤਿਮ ਯਾਤਰਾ ਵੀਰਵਾਰ ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਘਰ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਕਿੰਨੂ ਵਾਲੇ ਬਾਗ 'ਚ ਪਹੁੰਚੇਗੀ, ਜਿੱਥੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਿਸ ਥਾਂ 'ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਕੀਤਾ ਜਾਵੇਗਾ, ਉਸ ਨੂੰ ਬਾਅਦ 'ਚ ਯਾਦਗਾਰ 'ਚ ਤਬਦੀਲ ਕਰ ਦਿੱਤਾ ਜਾਵੇਗਾ।
ਸੁਰੱਖਿਆ ਦੇ ਸਖ਼ਤ ਪ੍ਰਬੰਧ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਿੰਡ ਬਾਦਲ ਵਿੱਚ ਮੁਕਤਸਰ, ਫਾਜ਼ਿਲਕਾ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਪਿੰਡ ਬਾਦਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਟਰੈਫਿਕ ਵਿਵਸਥਾ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਦੌਰਾਨ ਟਰੈਫਿਕ ਪੁਲੀਸ ਵੱਲੋਂ ਆਪਣੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਟਰੈਫਿਕ ਵਿਵਸਥਾ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ। ਪਿੰਡ ਮਹਿਣਾ ਤੋਂ ਲੰਬੀ ਨੂੰ ਰਸਤਾ ਮੋੜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡੱਬਵਾਲੀ ਤੋਂ ਹੋਰ ਸ਼ਹਿਰਾਂ ਵੱਲ ਜਾਣ ਵਾਲੀ ਆਵਾਜਾਈ ਲਈ ਵੀ ਪ੍ਰਬੰਧ ਕੀਤੇ ਗਏ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਬਾਦਲ ਦੇ ਅੰਤਿਮ ਸੰਸਕਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂ ਵੀ ਪੁੱਜਣ ਜਾ ਰਹੇ ਹਨ।
ਪਿੰਡ ਦੇ ਲੋਕਾਂ ਨੇ ਅੰਤਿਮ ਦਰਸ਼ਨ ਕੀਤੇ
ਰਾਤ ਕਰੀਬ 10.00 ਵਜੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮ੍ਰਿਤਕ ਦੇਂਹ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਪੁੱਜੀ, ਜਿੱਥੇ ਪਿੰਡ ਦੇ ਲੋਕਾਂ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ ਦੇ ਆਗੂ ਤੇ ਵਰਕਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕੀਤੇ। ਸਾਰਾ ਪਿੰਡ ਬਾਦਲ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਕਾਫੀ ਭਾਵੁਕ ਨਜ਼ਰ ਆਏ।