Amritsar Poisonous liquor Case : ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲਾ, ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਬਿਕਰਮ ਮਜੀਠੀਆ ਅਤੇ ਗਨੀਵ ਕੌਰ

Amritsar Poisonous liquor Case : ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ

By  Shanker Badra May 13th 2025 04:07 PM
Amritsar Poisonous liquor Case : ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲਾ, ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਬਿਕਰਮ ਮਜੀਠੀਆ ਅਤੇ ਗਨੀਵ ਕੌਰ

Amritsar Poisonous liquor Case : ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਦੇ ਦੀਵਾਨ ਹਾਲ ਵਿਚ ਬਹਿ ਕੇ ਲੋਕਾਂ ਨਾਲ ਦੁੱਖ ਸਾਂਝਾ ਕੀਤਾ ਹੈ। ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਮਜੀਠਾ ਦੇ DSP ਅਮੋਲਕ ਸਿੰਘ ਤੇ SHO ਅਵਤਾਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। 

ਪੰਜਾਬ ਦੇ DGP ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੇ ਮਜੀਠਾ ਵਿਚ ਵਾਪਰੀ ਇਕ ਮੰਦਭਾਗੀ ਘਟਨਾ ਵਿਚ ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਦੁਖਦਾਈ ਨੁਕਸਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਅਤੇ ਕਈ ਸਥਾਨਕ ਸ਼ਰਾਬ ਵੇਚਣ ਵਾਲੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਕਲੀ ਸ਼ਰਾਬ ਬਣਾਉਣ ਲਈ ਆਨਲਾਈਨ ਖਰੀਦੇ ਜਾਣ ਤੋਂ ਬਾਅਦ ਈਥਾਨੋਲ ਦੀ ਵਰਤੋਂ ਕੀਤੀ ਗਈ ਤੇ ਪੂਰੀ ਵਿਧੀ ਦਾ ਪਰਦਾਫਾਸ਼ ਕਰਨ ਅਤੇ ਸ਼ਾਮਿਲ ਸਾਰਿਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਜਾਂਚ ਜਾਰੀ ਹੈ। 

ਪੀੜਤ ਪਰਿਵਾਰ ਦੀ ਇੱਕ ਔਰਤ ਨੇ ਕਿਹਾ ਹੈ ਕਿ ਉਸਦੇ ਪੁੱਤਰ ਨੂੰ ਸ਼ਰਾਬ ਪੀਣ ਤੋਂ ਬਾਅਦ ਉਲਟੀਆਂ ਆਉਣ ਲੱਗ ਪਈਆਂ। ਫਿਰ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਨਕਲੀ ਸ਼ਰਾਬ ਦਾ ਕਾਰੋਬਾਰ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਪਰ ਪ੍ਰਸ਼ਾਸਨ ਨੇ ਕਦੇ ਵੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਹੁਣ ਲੋਕਾਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਸਬੰਧਤ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਭਾਰਤੀ ਨਿਆਂਇਕ ਜ਼ਾਬਤਾ ਅਤੇ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸੱਤ ਵਿਅਕਤੀਆਂ ਵਿੱਚੋਂ ਪੰਜ ਦੀ ਪਛਾਣ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ, ਕੁਲਬੀਰ ਸਿੰਘ, ਸਾਹਿਬ ਸਿੰਘ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਜੀਠਾ ਪਿੰਡਾਂ ਵਿੱਚ ਮਾਸੂਮ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇੱਕ X ਪੋਸਟ ਵਿੱਚ ਕਿਹਾ, "ਮਜੀਠਾ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ, ਸਗੋਂ ਕਤਲ ਹਨ। ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।"

ਉਨ੍ਹਾਂ ਅੱਗੇ ਲਿਖਿਆ, "ਮੈਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਹਰ ਸੰਭਵ ਮਦਦ ਕੀਤੀ ਜਾਵੇਗੀ।" ਦੱਸਿਆ ਗਿਆ ਹੈ ਕਿ ਇਹ ਮੌਤਾਂ ਭੰਗਾਲੀ, ਪਤਾਲਪੁਰੀ, ਮਰਾੜੀ ਕਲਾਂ ਅਤੇ ਥੇਰੇਵਾਲ ਪਿੰਡਾਂ ਵਿੱਚ ਹੋਈਆਂ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਵੱਡੀ ਮਾਤਰਾ ਵਿੱਚ ਮੀਥੇਨੌਲ ਆਨਲਾਈਨ ਖਰੀਦਿਆ ਗਿਆ ਸੀ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ, ਜੋ ਜਾਂਚ ਕਰ ਰਹੀਆਂ ਹਨ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ 17 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜ਼ਿਆਦਾਤਰ ਪੀੜਤ ਦਿਹਾੜੀਦਾਰ ਮਜ਼ਦੂਰ ਸਨ। ਪੁਲਿਸ ਨੂੰ ਸੋਮਵਾਰ ਰਾਤ ਨੂੰ ਮੌਤਾਂ ਬਾਰੇ ਸੂਚਿਤ ਕੀਤਾ ਗਿਆ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਬਾਰਡਰ ਰੇਂਜ) ਸਤਿੰਦਰ ਸਿੰਘ ਨੇ ਕਿਹਾ ਕਿ ਮੁੱਖ ਦੋਸ਼ੀ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 7 ਵਿਅਕਤੀਆਂ ਵਿੱਚੋਂ ਪੰਜ ਦੀ ਪਛਾਣ ਕਰ ਲਈ ਗਈ ਹੈ।

 

Related Post