Rules For Tenants In Mohali : ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਰੱਖਣ ਵਾਲਿਆਂ ਲਈ ਸਖ਼ਤ ਹੁਕਮ ਜਾਰੀ

ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

By  Aarti June 18th 2025 11:58 AM

Rules For Paying Guest In Mohali :  ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163),  ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ। 

ਉਨ੍ਹਾਂ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। 

ਨਿਰਦੇਸ਼ਾਂ ’ਚ ਅੱਗੇ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਜੂਨ 2025  ਤੋਂ 10 ਅਗਸਤ, 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : TarnTaran Murder : ਤਰਨਤਾਰਨ 'ਚ ਨੌਜਵਾਨ ਵਾਲੀਬਾਲ ਖਿਡਾਰੀ ਦਾ ਕਤਲ, 11ਵੀਂ ਜਮਾਤ ਦਾ ਵਿਦਿਆਰਥੀ ਸੀ ਵਿਵੇਕਬੀਰ

Related Post