Amritsar Murder : ਅੰਮ੍ਰਿਤਸਰ ਚ ਹੋਟਲ ਚੋਂ ਵਿਆਹੁਤਾ ਦੀ ਮਿਲੀ ਲਾਸ਼, ਮੱਚੀ ਹੜਕੰਪ, ਪਤੀ ਫ਼ਰਾਰ

Amritsar News : ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਪਿੰਡ ਵੜੈਚ, ਜ਼ਿਲ੍ਹਾ ਗੁਰਦਾਸਪੁਰ ਦੀ ਨਿਵਾਸੀ ਸੀ। ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ’ਤੇ ਕਤਲ ਕਰਨ ਦਾ ਗੰਭੀਰ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ, ਜੋ ਘਟਨਾ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ।

By  KRISHAN KUMAR SHARMA January 13th 2026 10:15 AM -- Updated: January 13th 2026 10:21 AM

Amritsar Murder News : ਅੰਮ੍ਰਿਤਸਰ ਦੇ ਕੋਰਟ ਰੋਡ ਸਥਿਤ ਹੋਟਲ ਕਿੰਗਜ਼ ਰੂਟ ਵਿੱਚ ਇੱਕ ਵਿਆਹੁਤਾ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਪਿੰਡ ਵੜੈਚ, ਜ਼ਿਲ੍ਹਾ ਗੁਰਦਾਸਪੁਰ ਦੀ ਨਿਵਾਸੀ ਸੀ। ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ’ਤੇ ਕਤਲ ਕਰਨ ਦਾ ਗੰਭੀਰ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ, ਜੋ ਘਟਨਾ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ।

ਮ੍ਰਿਤਕਾ ਦੇ ਭਰਾ ਲਵਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਦੀ ਭੈਣ ਦੀ ਸ਼ਾਦੀ ਕਰੀਬ ਸੱਤ ਸਾਲ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੇਠੂਵਾਲ ਵਿੱਚ ਹੋਈ ਸੀ। ਸ਼ੁਰੂਆਤੀ ਸਾਲਾਂ ਦੌਰਾਨ ਸਭ ਕੁਝ ਠੀਕ ਰਿਹਾ, ਪਰ ਬਾਅਦ ਵਿੱਚ ਪਤੀ ਵੱਲੋਂ ਭੈਣ ਦੇ ਚਰਿੱਤਰ ’ਤੇ ਸ਼ੱਕ ਕਰਕੇ ਘਰੇਲੂ ਝਗੜੇ ਵਧ ਗਏ। ਦੋਵੇਂ ਆਸਟ੍ਰੇਲੀਆ ਵਿੱਚ ਰਹਿੰਦੇ ਸਨ ਅਤੇ ਕੁਝ ਸਮੇਂ ਲਈ ਭਾਰਤ ਆਏ ਹੋਏ ਸਨ। ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਤੀ ਜ਼ਬਰਦਸਤੀ ਉਸ ਦੀ ਭੈਣ ਨੂੰ ਨਾਲ ਲੈ ਗਿਆ ਅਤੇ ਬਾਅਦ ਵਿੱਚ ਅੰਮ੍ਰਿਤਸਰ ਦੇ ਹੋਟਲ ਵਿੱਚ ਉਸ ਦਾ ਕਤਲ ਕਰ ਦਿੱਤਾ।

ਮ੍ਰਿਤਕਾ ਦੇ ਪਿਤਾ ਮੱਖਣ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਧੀ ਦਾ ਵਿਆਹ ਚੰਗੇ ਪਰਿਵਾਰ ਵਿੱਚ ਕੀਤਾ ਗਿਆ ਸੀ ਅਤੇ ਲੰਮੇ ਸਮੇਂ ਤੱਕ ਕੋਈ ਵੱਡਾ ਵਿਵਾਦ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਤੋਂ ਆ ਕੇ ਪਰਿਵਾਰਕ ਧਾਰਮਿਕ ਸਮਾਗਮ ਕੀਤੇ ਗਏ ਸਨ, ਪਰ ਬਾਅਦ ਵਿੱਚ ਅਚਾਨਕ ਇਹ ਦਰਦਨਾਕ ਘਟਨਾ ਵਾਪਰੀ। ਛੇ-ਸੱਤ ਮਹੀਨੇ ਦਾ ਬੱਚਾ ਹੁਣ ਮਾਪਿਆਂ ਤੋਂ ਵਾਂਝਾ ਰਹਿ ਗਿਆ ਹੈ, ਜੋ ਪਰਿਵਾਰ ਲਈ ਸਭ ਤੋਂ ਵੱਡਾ ਦੁੱਖ ਹੈ।

ਇਸ ਮੌਕੇ ਏਸੀਪੀ ਲਖਵਿੰਦਰ ਸਿੰਘ ਕਲੇਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ 112 ਤੋਂ ਸੂਚਨਾ ਮਿਲੀ ਸੀ ਕਿ ਕੋਰਟ ਰੋਡ ਸਥਿਤ ਇੱਕ ਹੋਟਲ ਵਿੱਚ ਇੱਕ ਮਹਿਲਾ ਦੀ ਲਾਸ਼ ਪਈ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਦਸਤਾਵੇਜ਼ਾਂ ਦੇ ਆਧਾਰ ’ਤੇ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਜੋੜੇ ਵਿਚਕਾਰ ਅਕਸਰ ਝਗੜੇ ਹੋ ਰਹੇ ਸਨ।

ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਦੋਸ਼ੀ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Related Post