ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਖ਼ਿਲਾਫ਼ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ, ਆਜ਼ਾਦ ਗਰੁੱਪ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਰੋਸ ਮਾਰਚ ਗੋਲਡਨ ਗੇਟ ਇਲਾਕੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਸਰਕਾਰ ਕੋਲੋਂ ਫਿਲਮ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ।
ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਆਜ਼ਾਦ ਗਰੁੱਪ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਭਾਈ ਸੰਜੀਤ ਸਿੰਘ ਸਨੀ ਦੀ ਅਗਵਾਈ ਅਤੇ ਭਾਈ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਕੱਢਿਆ ਗਿਆ। ਰੋਸ ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਸ਼ਹੀਦੀ ਪਰਿਵਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਰੋਸ ਮਾਰਚ ਗੋਲਡਨ ਗੇਟ ਇਲਾਕੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਸਰਕਾਰ ਕੋਲੋਂ ਫਿਲਮ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸੇ ਵੀ ਇਤਿਹਾਸਕ ਜਾਂ ਸਮਾਜਿਕ ਵਿਸ਼ੇ ’ਤੇ ਬਣੀ ਫਿਲਮ ਨੂੰ ਦੇਖਣ ਜਾਂ ਨਾ ਦੇਖਣ ਦਾ ਫ਼ੈਸਲਾ ਲੋਕਾਂ ’ਤੇ ਛੱਡਿਆ ਜਾਣਾ ਚਾਹੀਦਾ ਹੈ।
ਆਜ਼ਾਦ ਗਰੁੱਪ ਪੰਜਾਬ ਦੇ ਮੈਂਬਰ ਦਵਿੰਦਰ ਸਿੰਘ ਹਰਿਆਵਾਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੇ ਜੀਵਨ ਦੀ ਪਰਵਾਹ ਕੀਤੇ ਬਿਨਾਂ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਮਿਲਣੀ ਚਾਹੀਦੀ ਹੈ ਅਤੇ ਇਸ ਵਿੱਚ ਫਿਲਮ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਫਿਲਮ ’ਤੇ ਲੱਗੀਆਂ ਪਾਬੰਦੀਆਂ ਹਟਾ ਕੇ ਇਸ ਨੂੰ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਵੱਖ-ਵੱਖ ਭਾਸ਼ਾਵਾਂ ਵਿੱਚ ਰਿਲੀਜ਼ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿਸ਼ੇ ਨਾਲ ਜਾਣੂ ਹੋ ਸਕਣ।
ਰੋਸ ਮਾਰਚ ਦੌਰਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਫਿਲਮ ’ਤੇ ਲੱਗੀ ਪਾਬੰਦੀ ਨਾ ਹਟਾਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : '25000 ਲਾਪਤਾ ਲਾਸ਼ਾਂ ਦੇ ਦਸਤਾਵੇਜ਼ ਪੇਸ਼ ਕਰੋ', Ravneet Bittu ਦੀ 'Satluj' ਦੇ ਨਿਰਮਾਤਾਵਾਂ ਨੂੰ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ